ਰਜਿਸਟ੍ਰੇਸ਼ਨ ’ਤੇ ਅੜੀ ਅਕਾਲੀ ਦਲ

ਰਜਿਸਟ੍ਰੇਸ਼ਨ ’ਤੇ ਅੜੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਪਾਰਟੀ, ਮਨਪ੍ਰੀਤ ਇਆਲੀ ਨੇ ਕੱਸਿਆਂ ਸਰਕਾਰਾ ਤੇ ਤੰਜ਼

ਚੰਡੀਗੜ੍ਹ, 24 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪਾਰਟੀ ਨੇ ਹੁਣ ਆਪਣੀ ਰਜਿਸਟ੍ਰੇਸ਼ਨ ਦੀ ਲੜਾਈ ਸੁਪਰੀਮ ਕੋਰਟ ਤੱਕ ਲਿਜਾਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਚੋਣ ਕਮਿਸ਼ਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।

ਮਨਪ੍ਰੀਤ ਸਿੰਘ ਇਆਲੀ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਪਾਰਟੀ ਤੋਂ ਡਰੀਆਂ ਹੋਈਆਂ ਹਨ, ਜਿਸ ਕਾਰਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਇਸ ਪ੍ਰੈੱਸ ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਰਹੇ।

ਪਾਰਟੀ ਨੇ ਲਾਂਚ ਕੀਤੀ ਐਪ, ਮੈਂਬਰਸ਼ਿਪ ਲਈ ਹੈਲਪਲਾਈਨ ਵੀ ਜਾਰੀ

ਇਸ ਮੌਕੇ ਪਾਰਟੀ ਵੱਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਇੱਕ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ। ਇਸ ਰਾਹੀਂ ਲੋਕ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਦੇ ਨਾਲ-ਨਾਲ ਆਪਣੇ ਸੁਝਾਅ ਵੀ ਦੇ ਸਕਣਗੇ।

ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਹੀਂ ਲੜਨਾ ਚਾਹੁੰਦੇ ਚੋਣਾਂ

ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਮਨਪ੍ਰੀਤ ਸਿੰਘ ਇਆਲੀ ਨੂੰ ਬਸਪਾ ਨਾਲ ਸੰਭਾਵਿਤ ਗੱਠਜੋੜ ਅਤੇ ਚੋਣ ਨਿਸ਼ਾਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ ਸਾਰੇ ਉਮੀਦਵਾਰ ਇੱਕੋ ਚੋਣ ਨਿਸ਼ਾਨ ਹੇਠ ਚੋਣ ਮੈਦਾਨ ਵਿੱਚ ਉਤਰਨ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਦਾ ਮਸਲਾ ਹੱਲ ਨਹੀਂ ਹੁੰਦਾ ਤਾਂ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਾ ਆਖਰੀ ਵਿਕਲਪ ਹੋਵੇਗਾ। ਹਾਲਾਂਕਿ ਪਾਰਟੀ ਆਪਣੇ ਨਾਮ ਅਤੇ ਚੋਣ ਨਿਸ਼ਾਨ ਦੀ ਮਾਨਤਾ ਲਈ ਕਾਨੂੰਨੀ ਲੜਾਈ ਜਾਰੀ ਰੱਖੇਗੀ।

ਚੋਣ ਕਮਿਸ਼ਨ ਦੇ ਇਤਰਾਜ਼ਾਂ ’ਤੇ ਮੰਗਿਆ ਜਵਾਬ

ਇਆਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕੁਝ ਇਤਰਾਜ਼ ਉਠਾਏ ਗਏ ਹਨ, ਪਰ ਪਾਰਟੀ ਨੂੰ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਇਤਰਾਜ਼ ਕਿਸ ਆਧਾਰ ’ਤੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਜਾਣਨਾ ਚਾਹੁੰਦੀ ਹੈ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਇਤਰਾਜ਼ਾਂ ਦਾ ਅਸਲ ਕਾਰਨ ਕੀ ਹੈ।

ਆਗੂਆਂ ਨੇ ਪੁੱਛਿਆ- ਪਾਰਟੀ ਨੇ ਅਜਿਹਾ ਕੀ ਕੀਤਾ ਹੈ?

ਪਾਰਟੀ ਆਗੂਆਂ ਨੇ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਖ਼ਰ ਪਾਰਟੀ ਨੇ ਅਜਿਹਾ ਕਿਹੜਾ ਗਲਤ ਜਾਂ ਅਨੁਸ਼ਾਸਨਹੀਣਤਾ ਵਾਲਾ ਕੰਮ ਕੀਤਾ ਹੈ, ਜਿਸ ਕਾਰਨ ਉਸ ਦੀ ਰਜਿਸਟ੍ਰੇਸ਼ਨ ਰੋਕੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਜੇਕਰ ਕੋਈ ਇਤਰਾਜ਼ ਹੈ ਤਾਂ ਚੋਣ ਕਮਿਸ਼ਨ ਨੂੰ ਉਸ ਬਾਰੇ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ।

READ MORE : 8 ਦਸੰਬਰ ਨੂੰ ‘ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ’ ਤੇ ਪੰਜਾਬ ਆਉਣਗੇ PM ਮੋਦੀ, ਸੁਖਬੀਰ ਦਾ ਵੱਡਾ ਐਲਾਨ

 

ਵਿਦੇਸ਼

Scroll to Top