July 7, 2024 7:06 am
Pathankot Police

ਪਠਾਨਕੋਟ ਪੁਲਿਸ ਨੇ ਭ੍ਰਿਸ਼ਟਾਚਾਰ ਐਕਟ ਤਹਿਤ ਆਪਣੇ ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 06 ਸਤੰਬਰ 2022: ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਨੂੰ ਜਾਰੀ ਰੱਖਦਿਆਂ, ਪਠਾਨਕੋਟ ਪੁਲਿਸ (Pathankot Police) ਨੇ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਟਰਾਂਸਪੋਰਟਰ ਨਾਲ ਕਥਿਤ ਤੌਰ ਤੇ ਸਬੰਧ ਦੇ ਦੋਸ਼ ਵਿੱਚ ਇੱਕ ਏਐਸਆਈ ਅਤੇ ਇੱਕ ਸੀਨੀਅਰ ਕਾਂਸਟੇਬਲ ਖਿਲਾਫ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਏਐਸਆਈ ਸਲਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਲਸ਼ਮਣ ਦਾਸ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਰੁਪਿੰਦਰ ਸਿੰਘ ਜੇ.ਈ.ਕਮ ਮਾਈਨਿੰਗ ਇੰਸਪੈਕਟਰ ਗੁਰਦਾਸਪੁਰ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮਾਈਨਿੰਗ ਨਾਕੇ ‘ਤੇ ਨਸ਼ੇ ਦੀ ਹਾਲਤ ‘ਚ ਆਪਣੀ ਡਿਊਟੀ ਨਿਭਾ ਰਹੇ ਸਨ ਅਤੇ ਰੇਤ ਅਤੇ ਬੱਜਰੀ ਨਾਲ ਭਰੇ ਟਰੱਕਾਂ ਦੀ ਸੁਰੱਖਿਅਤ ਢੰਗ ਨਾਲ ਨਿਕਾਸੀ ਕਰ ਰਹੇ ਸਨ।

ਇਸ ਗੈਰ-ਕਾਨੂੰਨੀ ਕੰਮ ਬਾਰੇ ਪੁੱਛਣ ‘ਤੇ ਦੋਵਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਅੰਦਰੂਨੀ ਪੱਧਰ ‘ਤੇ ਜਾਂਚ ਕਰਨ ਤੋਂ ਬਾਅਦ ਸਲਵਿੰਦਰ ਅਤੇ ਲਸ਼ਮਣ ਦੋਵਾਂ ਦਾ ਨਾਜਾਇਜ਼ ਮਾਈਨਿੰਗ ਕਰਨ ਵਾਲੇ ਟਰਾਂਸਪੋਰਟਰਾਂ ਨਾਲ ਸੰਬੰਧ ਪਾਏ ਗਏ ਸਨ।

ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸਹਾਇਕ ਸਬ-ਇੰਸਪੈਕਟਰ ਸਲਵਿੰਦਰ ਸਿੰਘ ਅਤੇ ਉਸ ਦੇ ਅਧੀਨ ਸੀਨੀਅਰ ਕਾਂਸਟੇਬਲ ਲਸ਼ਮਣ ਦਾਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ-1988 ਦੀ ਧਾਰਾ 7 ਅਤੇ 353, 186, 34 ਆਈਪੀਸੀ ਤਹਿਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਖੱਖ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਪੁਲੀਸ ਅਧਿਕਾਰੀ/ਕਰਮਚਾਰੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜੰਗ ਉਦੋਂ ਹੀ ਖਤਮ ਹੋਵੇਗੀ ਜਦੋਂ ਇਸ ਖਤਰੇ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਜਿਸ ਲਈ ਪੁਲਸ ਨੂੰ ਜਨਤਾ ਦੇ ਸਰਗਰਮ ਸਹਿਯੋਗ ਦੀ ਲੋੜ ਹੈ।