Site icon TheUnmute.com

ਪਟਿਆਲਾ: ਲੋਕਾਂ ਨੂੰ ਦਿੱਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ DC ਸਾਕਸ਼ੀ ਸਾਹਨੀ ਨੇ ਲਿਆ ਜਾਇਜ਼ਾ

ਪਟਿਆਲਾ

ਪਟਿਆਲਾ, 10 ਜਨਵਰੀ 2024: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਦੀ ਅਹਿਮ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਸਾਰੀਆਂ ਸੇਵਾਵਾਂ ਪਹਿਲ ਦੇ ਅਧਾਰ ‘ਤੇ ਪ੍ਰਦਾਨ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਉਨ੍ਹਾਂ ਦੀ ਮੰਗ ਮੁਤਾਬਕ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੇਵਲ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਦਸਤਾਵੇਜ ਹੀ ਮੰਨੇ ਜਾਣ ਅਤੇ ਕੋਈ ਹੋਰ ਵਾਧੂ ਦਸਤਾਵੇਜ ਨਾ ਮੰਗਿਆ ਜਾਵੇ ਤਾਂ ਕਿ ਕਿਸੇ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਫਲੈਗਸ਼ਿਪ ਪ੍ਰੋਗਰਾਮ ਹੈ, ਇਸ ਲਈ ਇਸ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਲਈ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਗਿਆ ਹੈ।

Exit mobile version