July 5, 2024 1:37 am
Patiala

ਜ਼ਿਲ੍ਹਾ ਪਟਿਆਲਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ-ਨਿਰਮਾਣ ‘ਚ ਸੂਬੇ ‘ਚੋਂ ਮੋਹਰੀ

ਪਟਿਆਲਾ, 09 ਮਈ 2023: (Patiala) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ ‘ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ।

ਜਲ ਨਿਕਾਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਪਲਾਨ ਤਿਆਰ ਕਰਨ ਤਾਂ ਜੋ ਕੀਤੇ ਗਏ ਕੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ‘ਚ ਜਿਨ੍ਹਾਂ ਥਾਵਾਂ ‘ਤੇ ਬਰਸਾਤੀ ਪਾਣੀ ਨਾਲ ਮਾਰ ਹੁੰਦੀ ਹੈ, ਉਨ੍ਹਾਂ ਦੀ ਵੀ ਸ਼ਨਾਖਤ ਕਰਕੇ ਪਲਾਨ ‘ਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪਟਿਆਲਾ (Patiala) ਜ਼ਿਲ੍ਹਾ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ ‘ਚ ਸੂਬੇ ਭਰ ‘ਚੋਂ ਮੋਹਰੀ ਹੈ ਪਰ ਕੰਮ ‘ਚ ਹੋਰ ਤੇਜ਼ੀ ਲਿਆਉਣ ਦੀ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਭੂਮੀਗਤ ਪਾਈਪ ਲਾਈਨ ਹੇਠ ਜੋ 78 ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ ਅਤੇ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣ।

ਮੀਟਿੰਗ ਦੌਰਾਨ ਐਕਸੀਅਨ ਜਲ ਨਿਕਾਸ ਵਿਭਾਗ ਗਗਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਖੇਤਾਂ ‘ਚ ਪਹੁੰਚਾਉਣ ਲਈ ਹਰੇਕ ਸਬ-ਡਿਵੀਜ਼ਨ ‘ਚ ਕੰਮ ਕੀਤਾ ਜਾ ਰਿਹਾ ਹੈ। ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਡਵੀਜ਼ਨਲ ਅਧਿਕਾਰੀ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਬਰਸਾਤੀ ਪਾਣੀ ਨਾਲ ਫ਼ਸਲਾਂ ਦੇ ਹੁੰਦੇ ਨੁਕਸਾਨ ਦੇ ਸਥਾਈ ਹੱਲ ਲਈ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਅਜਿਹੀ ਥਾਵਾਂ ਦੀ ਪਹਿਚਾਣ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ।