11 ਫਰਵਰੀ 2025: ਪਟਿਆਲਾ ਪੁਲਿਸ (patiala police) ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਤਲ, ਅਸਲਾ ਐਕਟ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਤਿੰਨ ਦੋਸ਼ੀਆਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਜੋ ਕਿ ਗੈਂਗਸਟਰਾਂ ਦਾ ਕਰੀਬੀ ਹੈ, ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ।
ਮੁਲਜ਼ਮਾਂ ਕੋਲੋਂ 32 ਬੋਰ ਦੇ ਚਾਰ ਪਿਸਤੌਲ, 315 ਬੋਰ ਦਾ ਇੱਕ ਪਿਸਤੌਲ ਅਤੇ ਕੁੱਲ 21 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਗੈਂਗਸਟਰਾਂ ਦੀ ਪਛਾਣ ਦਿਲਦਾਰ ਖਾਨ ਉਰਫ਼ ਦਿਲਾ ਵਾਸੀ ਬਨੂੜ, ਮੁਹੱਲਾ ਸੈਨੀਆਂ ਜ਼ਿਲ੍ਹਾ ਮੁਹਾਲੀ, ਕੁਲਵਿੰਦਰ ਸਿੰਘ ਵਾਸੀ ਪਿੰਡ ਮੋਫਰ ਜ਼ਿਲ੍ਹਾ ਮਾਨਸਾ ਅਤੇ ਮਨਿੰਦਰ ਸਿੰਘ ਉਰਫ਼ ਲੱਡੂ ਵਾਸੀ ਪਿੰਡ ਬਲਵੇੜਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
ਐਸ.ਐਸ.ਪੀ ਡਾ.ਨਾਨਕ ਸਿੰਘ ਨੇ ਮੰਗਲਵਾਰ ਨੂੰ ਇੱਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਪਟਿਆਲਾ ਪੁਲਿਸ ਪਾਰਟੀ ਨੇ ਅਬਚਲ ਨਗਰ ਫੋਕਲ ਪੁਆਇੰਟ ਤੋਂ ਦਿਲਦਾਰ ਖਾਨ ਉਰਫ਼ ਦਿਲਾ ਬਨੂੜ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਇਸ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ ਅੱਠ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਅਨੁਸਾਰ ਮੁਲਜ਼ਮ ਦਿਲਦਾਰ ਖ਼ਾਨ ਖ਼ਿਲਾਫ਼ ਸਾਲ 2020 ਵਿੱਚ ਚੰਡੀਗੜ੍ਹ ਵਿੱਚ ਅਸਲਾ ਐਕਟ ਅਤੇ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਦਿਲਦਾਰ ਖਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ 16 ਜੁਲਾਈ 2024 ਨੂੰ ਟੋਲ ਪਲਾਜ਼ਾ (toll plaza) ਬਨੂੜ ਵਿਖੇ ਠੇਕੇਦਾਰ ਹਰਪ੍ਰੀਤ ਸਿੰਘ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਬਨੂੜ ਥਾਣੇ ਵਿੱਚ ਦਰਜ ਕੇਸ ਵਿੱਚ ਦਿਲਦਾਰ ਖਾਨ ਲੋੜੀਂਦਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਅਨਾਜ ਮੰਡੀ ਪਟਿਆਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਸੇ ਤਰ੍ਹਾਂ ਦੂਜੇ ਮੁਲਜ਼ਮ ਕੁਲਵਿੰਦਰ ਸਿੰਘ ਨੂੰ ਬਾਈਪਾਸ ਡੀਸੀਡਬਲਿਊ ਪੁਲ ਦੇ ਹੇਠਾਂ ਤੋਂ ਕਾਬੂ ਕੀਤਾ ਗਿਆ ਹੈ। ਉਸ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਅਨਾਜ ਮੰਡੀ ਵਿੱਚ ਕੇਸ ਵੀ ਦਰਜ ਕੀਤਾ ਗਿਆ ਹੈ।
ਮੁਲਜ਼ਮ ਮਨਿੰਦਰ ਸਿੰਘ ਨੂੰ ਅਧਵਾਲਾ ਪੀਰ ਸਨੌਰ ਰੋਡ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 315 ਬੋਰ ਦਾ ਇੱਕ ਦੇਸੀ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਨੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦਿਲਦਾਰ ਖਾਨ ਅਤੇ ਕੁਲਵਿੰਦਰ ਸਿੰਘ ਮੋਫਰ ਦੇ ਗੈਂਗਸਟਰਾਂ ਨਾਲ ਨੇੜਲੇ ਸਬੰਧ ਸਨ। ਮੁਲਜ਼ਮ ਦਿਲਦਾਰ ਖਾਨ ਕਤਲ ਕੇਸ ਵਿੱਚ ਪਟਿਆਲਾ ਪੁਲੀਸ ਨੂੰ ਲੋੜੀਂਦਾ ਸੀ ਅਤੇ ਮਨਿੰਦਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ (court) ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
Read More: ਇਸ ਸ਼ਹਿਰ ‘ਚ ਮਿਲੇ ਬੰ.ਬ, ਚਾਰੇ ਪਾਸੇ ਮਚੀ ਹਲਚਲ