2 ਅਕਤੂਬਰ 2026: ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ (Chitkara University) ਵਿੱਚ 25-26 ਸਤੰਬਰ ਦੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਹੰਗਾਮਾ ਕਰਨ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਟਿਆਲਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਹਿਮਾਂਸ਼ੂ ਵਾਸੀ ਨੰਗਲ ਅਤੇ ਆਰੀਅਨ ਵਾਸੀ ਅੰਬਾਲਾ ਵਜੋਂ ਹੋਈ ਹੈ।
ਇਸ ਘਟਨਾ ਤੋਂ ਬਾਅਦ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਅਤੇ ਬਨੂੜ ਪੁਲੀਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਕੇ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ ਵਿਦਿਆਰਥੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਦੁਆਰਾ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫੈਲਾਏ ਗਏ ਝੂਠੇ ਸੰਦੇਸ਼ਾਂ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਦੋਵੇਂ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਵਿਦਿਆਰਥੀਆਂ ਨੂੰ ਗੁੰਮਰਾਹਕੁੰਨ ਸੰਦੇਸ਼ ਦੇ ਕੇ ਭੜਕਾਉਂਦੇ ਸਨ, ਜਿਸ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ ਸੀ। ਕੁੱਲ ਮਿਲਾ ਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਹੋਰਾਂ ਦੇ ਨਾਂ ਐਫਆਈਆਰ ਵਿੱਚ ਦਰਜ ਕੀਤੇ ਗਏ ਹਨ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਖ-ਵੱਖ ਥਾਵਾਂ ’ਤੇ ਭੇਜੀਆਂ ਗਈਆਂ ਹਨ।
ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਰਕਾਰੀ ਡਿਊਟੀਆਂ ਨਿਭਾਉਣ ਤੋਂ ਰੋਕਣ ਵਿੱਚ ਸ਼ਾਮਲ ਹੋਰਾਂ ਦੀ ਭੂਮਿਕਾ ਦੀ ਪਛਾਣ ਕਰਨ ਅਤੇ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪਟਿਆਲਾ ਪੁਲਿਸ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੇ ਆਪਣੇ ਵਾਅਦੇ ‘ਤੇ ਕਾਇਮ ਹੈ।
Read More: ਚਿਤਕਾਰਾ ਤੋਂ ਬਾਅਦ ਹੁਣ LPU ‘ਚ ਹੰਗਾਮਾ, ਕਥਿਤ ਬ.ਲਾ.ਤ.ਕਾ.ਰ ਦੀ ਖਬਰ ਨੇ ਮਚਾਈ ਹਲਚਲ




