ਪਟਿਆਲਾ 10 ਜੁਲਾਈ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਭਾਵਿਤ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਰੱਖਿਅਤ ਸਥਾਨਾਂ ’ਤੇ ਲਿਜਾਇਆ ਗਿਆ ਹੈ, ਉਨ੍ਹਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸਾਰੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦੂਸ਼ਿਤ ਪਾਣੀ ਤੋਂ ਹੋਣ ਵਾਲੇ ਰੋਗਾਂ ਤੋਂ ਬਚਾਅ ਲਈ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਫ਼ਤਰ ਸਿਵਲ ਸਰਜਨ ਪਟਿਆਲਾ ਵਿਖੇ (ਕਮਰਾ ਨੰਬਰ 08) ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 0175-5128793 ਹੈ ਅਤੇ ਇਸ ਕੰਟਰੋਲ ਰੂਮ ’ਤੇ ਸਿਹਤ ਵਿਭਾਗ ਦੇ ਸਬੰਧਤ ਅਮਲੇ ਦੀ ਡਿਊਟੀ 24 ਘੰਟੇ ਲਈ ਲਗਾਈ ਗਈ ਹੈ।
ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਥਾਂ ਤੇ ਪੀਣ ਵਾਲੇ ਪਾਣੀ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ, ਇਸੇ ਪਾਣੀ ਦਾ ਪੀਣ ਲਈ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਜੇਕਰ ਪੀਣ ਵਾਲੇ ਪਾਣੀ ਦੇ ਵਿੱਚ ਬਰਸਾਤੀ ਪਾਣੀ ਦੀ ਮਿਕਸਿੰਗ ਹੋ ਰਹੀ ਹੈ ਤਾਂ ਉਸ ਪਾਣੀ ਦਾ ਪੀਣ ਲਈ ਇਸਤੇਮਾਲ ਨਾ ਕੀਤਾ ਜਾਵੇ। ਇਸ ਸਬੰਧੀ ਮਿਊਂਸੀਪਲ ਕਾਰਪੋਰੇਸ਼ਨ ਜਾਂ ਇਲਾਕੇ ਦੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਲੋੜ ਪੈਣ ’ਤੇ ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਗੋਲੀਆਂ ਦਾ ਇਸਤੇਮਾਲ ਕਰਕੇ ਹੀ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਉਲਟੀਆਂ ਜਾਂ ਦਸਤ ਲੱਗਣ ਦੀ ਸ਼ਿਕਾਇਤ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਨਾਲ ਚਮੜੀ ਦੇ ਰੋਗ ਫੋੜੇ ਫਿਨਸੀਆਂ ਆਦਿ ਹੋ ਸਕਦੇ ਹਨ, ਜਿਨ੍ਹਾਂ ਦੀ ਸਾਫ਼ ਸਫ਼ਾਈ ਰੱਖੀ ਜਾਵੇ ਅਤੇ ਮੈਡੀਕਲ ਟੀਮ ਨਾਲ ਸੰਪਰਕ ਕੀਤਾ ਜਾਵੇ। ਕੀੜਾ ਜਾਂ ਸੱਪ ਆਦਿ ਦੇ ਕੱਟਣ ’ਤੇ ਸਬੰਧਤ ਵਿਅਕਤੀ ਨੂੰ ਛੇਤੀ ਤੋਂ ਛੇਤੀ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣ, ਹੱਥਾਂ ਨੂੰ ਵਾਰ ਵਾਰ ਧੋਣ, ਪਾਣੀ ਉਬਾਲ ਕੇ ਠੰਡਾ ਕਰਕੇ ਪੀਣ, ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋੜਵੰਦ ਲੋਕਾਂ ਨੂੰ ਓ.ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਜਾ ਰਹੀ ਹੈ।