Bribe

ਪਟਵਾਰੀ ਤੇ ਉਸ ਦਾ ਕਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 06 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਜੱਦੀ ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਵਜੋਂ 2500 ਰੁਪਏ ਦੀ ਮੰਗ ਕੀਤੀ ਹੈ।

ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Scroll to Top