ਚੰਡੀਗੜ੍ਹ, 31 ਦਸੰਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਡੀਆਂ ਪਹਿਲਕਦਮੀਆਂ ਬਾਰੇ ਕਿਹਾ ਕਿ ਪੰਜਾਬ ਨੇ ਹਾਲ ਹੀ ‘ਚ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਹੈ।
ਇਸ ਪ੍ਰੋਜੈਕਟ ਦੇ ਤਹਿਤ ਸਰਪੰਚਾਂ, ਨੰਬਰਦਾਰਾਂ ਅਤੇ ਮਿਉਂਸਪਲ ਕੌਂਸਲਰਾਂ (MCs) ਨੂੰ ਵੱਖ-ਵੱਖ ਸਰਟੀਫਿਕੇਟਾਂ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ (SC, BC/OBC) ਸਰਟੀਫਿਕੇਟ, ਆਮਦਨ ਸਰਟੀਫਿਕੇਟ, EWS ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਅਧਿਕਾਰਾਂ ਨਾਲ ਸਬੰਧਤ ਅਰਜ਼ੀਆਂ ਦੀ ਆਨਲਾਈਨ ਵੈਰੀਫਿਕੇਸ਼ਨ ਕਰਨ ਦਾ ਅਧਿਕਾਰ ਦਿੱਤਾ ਹੈ |
ਇਸ ਪ੍ਰੋਜੈਕਟ ਦਾ ਉਦੇਸ਼ ਨਾਗਰਿਕਾਂ ਨੂੰ ਇਨ੍ਹਾਂ ਪ੍ਰਤੀਨਿਧਾਂ ਦੁਆਰਾ ਦਸਤਖਤ ਕੀਤੇ ਦਸਤਾਵੇਜਾਂ ਨੂੰ ਪ੍ਰਾਪਤ ਕਰਨ ਦੀ ਅਸੁਵਿਧਾ ਤੋਂ ਰਾਹਤ ਤੋਂ ਰਾਹਤ ਦਿਵਾਉਣਾ ਹੈ। ਇਹ ਸਥਾਨਕ ਨੁਮਾਇੰਦੇ WhatsApp ਰਾਹੀਂ ਅਰਜ਼ੀਆਂ ਪ੍ਰਾਪਤ ਕਰਦੇ ਹਨ ਅਤੇ ਉਹ ਵਟਸਐਪ ਰਾਹੀਂ ਹੀ ਆਪਣੀਆਂ ਸਿਫ਼ਾਰਿਸ਼ਾਂ ਕਰ ਸਕਦੇ ਹਨ।
ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਦਸਤਾਵੇਜ਼ਾਂ ਦੀ ਔਨਲਾਈਨ ਤਸਦੀਕ ਲਈ ਸਾਰੇ ਪਟਵਾਰੀਆਂ ਦੇ ਲੌਗਇਨ ਆਈਡੀ ਬਣਾਏ ਹਨ। ਪਿਛਲੇ ਸੱਤ ਮਹੀਨਿਆਂ ‘ਚ ਪਟਵਾਰੀਆਂ ਨੇ 9.20 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਹੈ।
ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਹੈ। ਇਨ੍ਹਾਂ 43 ਸੇਵਾਵਾਂ ਦਾ ਲਾਭ ਲੈਣ ਲਈ, ਨਾਗਰਿਕ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਅਪਾਇੰਟਮੈਂਟ ਬੁੱਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੇਵਾ ਸਹਾਇਕ ਨਿਰਧਾਰਤ ਸਮੇਂ ‘ਤੇ ਨਾਗਰਿਕਾਂ ਦੇ ਘਰ ਜਾਂਦਾ ਹੈ ਅਤੇ ਟੈਬਲੇਟ ਰਾਹੀਂ ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਦਾ ਹੈ ਅਤੇ ਲੋੜੀਂਦੇ ਦਸਤਾਵੇਜ਼ ਵੀ ਇਕੱਠੇ ਕਰਦਾ ਹੈ। ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਫ਼ੋਨ ‘ਤੇ SMS ਜਾਂ WhatsApp ਸੰਦੇਸ਼ ਰਾਹੀਂ ਭੇਜੇ ਜਾ ਰਹੇ ਹਨ। ਹੁਣ ਤੱਕ 1,11,915 ਤੋਂ ਵੱਧ ਅਪਾਇੰਟਮੈਂਟਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।
ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 6 ਫਰਵਰੀ, 2024 ਨੂੰ ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਸੂਬੇ ਭਰ ‘ਚ ਕੈਂਪ ਲਗਾਏ ਜਾ ਰਹੇ ਹਨ। ਹੁਣ ਤੱਕ 11,090 ਕੈਂਪ ਲਗਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਕੈਂਪਾਂ ‘ਚ 50,046 ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦਸੰਬਰ ਮਹੀਨੇ ‘ਚ ਬਕਾਇਆ ਸੇਵਾਵਾਂ ਦੀ ਦਰ ਘਟ ਕੇ 0.3 ਫੀਸਦੀ ਰਹਿ ਗਈ ਹੈ, ਜੋ ਹੁਣ ਤੱਕ ਦੀ ਸਭ ਤੋਂ ਘੱਟ ਹੈ। ਨਾਗਰਿਕ ਸੇਵਾਵਾਂ ‘ਚ ਜ਼ੀਰੋ ਪੈਂਡਿੰਗ ਕੇਸਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਸੇਵਾਵਾਂ ਦੇ ਬਕਾਇਆ ਹੋਣ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਹੁਣ ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫਿਕੇਟਾਂ ਦੀਆਂ ਕਾਪੀਆਂ ਇਕੱਠੀਆਂ ਕਰਨ ਲਈ ਕਿਸੇ ਦਫ਼ਤਰ/ਸੇਵਾ ਕੇਂਦਰ ‘ਚ ਜਾਣ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ SMS ਅਤੇ ਈਮੇਲ ਰਾਹੀਂ ਡਿਜ਼ੀਟਲ ਦਸਤਖਤ ਕੀਤੇ ਅਤੇ QR ਕੋਡ ਵਾਲੇ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ।
ਇਹ ਸਰਟੀਫਿਕੇਟ ਔਨਲਾਈਨ ਤਸਦੀਕਯੋਗ ਹਨ ਅਤੇ ਸਾਰੇ ਦਫ਼ਤਰ ਇਹਨਾਂ ਸਰਟੀਫਿਕੇਟਾਂ ਨੂੰ ਸਵੀਕਾਰ ਕਰਦੇ ਹਨ। ਹੁਣ ਤੱਕ 55,83,656 ਤੋਂ ਵੱਧ ਦਸਤਾਵੇਜ਼ ਆਨਲਾਈਨ ਡਿਲੀਵਰ ਕੀਤੇ ਜਾ ਚੁੱਕੇ ਹਨ।
Read More: Punjab Election Quiz: ਪੰਜਾਬ ਮੁੱਖ ਚੋਣ ਅਧਿਕਾਰੀ ਵੱਲੋਂ ‘ਪੰਜਾਬ ਚੋਣ ਕੁਇਜ਼-2025’ ਦਾ ਐਲਾਨ, ਮਿਲਣਗੇ ਇਹ ਇਨਾਮ