Investment In Punjab

ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ: CM ਭਗਵੰਤ ਮਾਨ

ਚੰਡੀਗੜ੍ਹ, 24 ਦਸੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ (Investment) ਦਾ ਰਾਹ ਪੱਧਰਾ ਹੋਇਆ ਹੈ, ਜਿਸ ਨਾਲ ਪੰਜਾਬ ‘ਚ ਲਗਭਗ 3.92 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨ ਦੇ ਮਹਿਜ਼ 30 ਮਹੀਨਿਆਂ ‘ਚ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵੱਡੀਆਂ ਕੰਪਨੀਆਂ ਸੂਬੇ ‘ਚ ਨਿਵੇਸ਼ ਕਰਨ ਲਈ ਤਿਆਰ ਹਨ।

ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਬਣਿਆ ਹੋਇਆ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਕਾਰਨ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਵੱਡੇ ਪੱਧਰ ‘ਤੇ ਨਿਵੇਸ਼ (Investment) ਹੋਣ ਕਾਰਨ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ। ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ‘ਚ ਸਿਰਫ਼ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਅੱਗੇ ਸੂਬਾ ਸਰਕਾਰ ਵੱਲੋਂ ਇਹ ਇੱਕੋ ਇੱਕ ਸ਼ਰਤ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਸਰਗਰਮ ਭਾਗੀਦਾਰ ਬਣ ਸਕਣ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ ਲਈ ਸੂਬੇ ਦੇ ਉੱਤਮ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸਰੋਤਾਂ ਅਤੇ ਉੱਤਮ ਉਦਯੋਗਿਕ ਸੱਭਿਆਚਾਰ ਅਤੇ ਕੰਮ ਦੇ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਸੂਬੇ ‘ਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

Read More: ਪੰਜਾਬ ‘ਚ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਲੈਣਗੇ ਜਾਣਕਾਰੀ

Scroll to Top