ਪਟਿਆਲਾ, ਪਾਤੜਾਂ, 13 ਜੁਲਾਈ 2023: ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ (Patiala) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ | ਕੇ.ਏ.ਪੀ. ਸਿਨਹਾ ਨੇ ਜ਼ਿਲ੍ਹੇ ਦੇ ਪਾਤੜਾਂ, ਬਾਦਸ਼ਾਹਪੁਰ ਅਤੇ ਹੋਰ ਖੇਤਰਾਂ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਸਡੀਐਮ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ, ਜਿੱਥੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਮੁੱਖ ਸਕੱਤਰ ਨੂੰ ਹੜ੍ਹਾਂ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ।
ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਕਾਰਨ ਬੇਘਰ ਹੋਏ ਅਤੇ ਬਾਦਸ਼ਾਪੁਰ ਵਿਖੇ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਤੋਂ ਜਲਦੀ ਉਭਰਨ ਦੀ ਉਮੀਦ ਪ੍ਰਗਟਾਈ। ਵਿਸ਼ੇਸ਼ ਮੁੱਖ ਸਕੱਤਰ ਨੇ ਹੜ੍ਹਾਂ ਦੀ ਆਫ਼ਤ ਨਾਲ ਤੁਰੰਤ ਅਤੇ ਅਪਸੀ ਤਾਲਮੇਲ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੈਨਾ, ਐਨਡੀਆਰਐਫ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਅਤੇ ਮੁੜ ਵਸੇਬਾ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਲਦੀ ਤੋਂ ਜਲਦੀ ਹਾਲਾਤ ਆਮ ਵਾਂਗ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ।
ਇਸ ਮੌਕੇ, ਸਕੱਤਰ ਮਾਲ ਅਮਰਪਾਲ ਸਿੰਘ, ਏ.ਡੀ.ਸੀ. ਪੇਂਡੂ ਵਿਕਾਸ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਯੂਟੀ ਡਾ: ਅਕਸ਼ਿਤਾ ਗੁਪਤਾ, ਦਿਵਿਆ ਪੀ ਅਤੇ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ ਨਵਦੀਪ ਕੁਮਾਰ, ਡੀ.ਐਸ.ਪੀ ਗੁਰਦੀਪ ਸਿੰਘ, ਡਰੇਨੇਜ ਦੇ ਕਾਰਜਕਾਰੀ ਇੰਜਨੀਅਰ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।