ਡੇਰਾਬੱਸੀ , 15 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ (welfare schemes) ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਦਾ ਲੋਕ ਘਰ ਬੈਠੇ ਹੀ ਲਾਹਾ ਲੈ ਰਹੇ ਹਨ।
ਇਹ ਜਾਣਕਾਰੀ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਸਰਸੀਣੀ, ਵਾਰਡ ਨੰਬਰ 4,5 ਲਾਲੜੂ, ਵਾਰਡ ਨੰਬਰ 7,8 ਢਕੋਲੀ ਅਤੇ ਸ਼ੇਖਪੁਰ ਕਲਾਂ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਉਪੰਰਤ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਹਿਮਾਸ਼ੂ ਗੁਪਤਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ (welfare schemes) ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।