ਤਰਨਤਾਰਨ, 31 ਅਕਤੂਬਰ 2025: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੋਸ ਪ੍ਰਦਰਸ਼ਨ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਕਰਮਚਾਰੀ ਯੂਨੀਅਨ ਦੇ ਮੁਲਾਜ਼ਮਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਹੈ। ਪੰਜਾਬ ਕਾਂਗਰਸ ਮੁਤਾਬਕ ਪੀਆਰਟੀਸੀ ਅਤੇ ਪਨਬੱਸ ਦੇ ਕਰਮਚਾਰੀ ਪੰਜਾਬ ਦੀਆਂ ਸਰਕਾਰੀ ਟਰਾਂਸਪੋਰਟ ਸੇਵਾਵਾਂ ਦੇ ਯੋਜਨਾਬੱਧ ਤਰੀਕੇ ਨਾਲ ਨਿੱਜੀਕਰਨ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ |
ਤਰਨਤਾਰਨ ਵਿਖੇ ਟਰਾਂਸਪੋਰਟ ਯੂਨੀਅਨਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਅਧੀਨ ਪ੍ਰਾਈਵੇਟ ਬੱਸਾਂ ਨੂੰ ਸ਼ਾਮਲ ਕਰਕੇ ਸਰਕਾਰੀ ਟਰਾਂਸਪੋਰਟ ਸੇਵਾਵਾਂ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਦੀਆਂ ਸੇਵਾਵਾਂ ਨੂੰ ਪ੍ਰਾਈਵੇਟ ਬੰਦਿਆਂ ਨੂੰ ਸੌਂਪਣ ‘ਤੇ ਹੈਰਾਨ ਹਾਂ। ਉਨ੍ਹਾਂ ਦੋਸ਼ ਲਗਾਇਆ ਕਿ “ਆਪ’ ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ | ਜਿਨ੍ਹਾਂ ਨੇ ਦੇਸ਼ ਦੇ ਜ਼ਿਆਦਾਤਰ ਪੀਐਸਯੂ ਨੂੰ ਆਪਣੇ ਕੁਝ ਪਸੰਦੀਦਾ ਲੋਕਾਂ ਨੂੰ ਵੇਚ ਦਿੱਤਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਗਲੀਆਂ ਚੋਣਾਂ ਤੋਂ ਬਾਅਦ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ, ਜਨਤਕ ਖੇਤਰ ਦੀ ਟ੍ਰਾਂਸਪੋਰਟ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ ਅਤੇ ਪੂਰੀ ਤਰ੍ਹਾਂ ਓਵਰਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਜਨਤਕ ਖੇਤਰ ਵਿੱਚ ਸਭ ਤੋਂ ਵਧੀਆ ਸਟੇਟ ਟ੍ਰਾਂਸਪੋਰਟ ਪ੍ਰਣਾਲੀਆਂ ‘ਚੋਂ ਇੱਕ ਹੋਵੇਗਾ।
ਇਸਦੇ ਨਾਲ ਹੀ ਕਾਂਗਰਸ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਸਮਰਥਨ ‘ਚ ‘ਘਰ-ਘਰ’ ਪ੍ਰਚਾਰ ਮੁਹਿੰਮ ਦੌਰਾਨ ਚੋਣ ਪ੍ਰਚਾਰ ਕੀਤਾ | ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕ ਕਾਂਗਰਸ ਦੀ ਸੱਤਾ ‘ਚ ਵਾਪਸੀ ਦੀ ਉਡੀਕ ਕਰ ਰਹੇ ਹਨ, ਤਾਂ ਜੋ ਪੰਜਾਬ ਦੀ ਵਾਗਡੋਰ ਉਸ ਹੱਥ ਸੰਭਾਲੀ ਜਾ ਸਕੇ ਅਤੇ ਸੂਬੇ ਨੂੰ ਵਾਪਸ ਤਰੱਕੀ ਦੀ ਪਟੜੀ ‘ਤੇ ਲਿਆਂਦਾ ਜਾ ਸਕੇ।
Read More: ਗੈਂਗਸਟਰਾਂ ਦੀਆਂ ਧਮਕੀਆਂ ਵਰਤਣ ਵਾਲੇ ਪਰਿਵਾਰਕ ਮੈਂਬਰਾਂ ਖ਼ਿਲਾਫ ਹੋਵੇ ਕਾਰਵਾਈ: ਰਾਜਾ ਵੜਿੰਗ
 
								 
								 
								 
								



