Site icon TheUnmute.com

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਘਬਰਾਹਟ ਕਾਰਨ ਖਰੀਦ ਨਾ ਕਰਨ: DC ਸਾਕਸ਼ੀ ਸਾਹਨੀ

petrol and diesel

ਪਟਿਆਲਾ, 2 ਜਨਵਰੀ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ( petrol and diesel ) ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਪੈਟਰੋਲ ਪੰਪਾਂ ਤੋੰ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਤੇਲ ਦੀ ਨਿਰੰਤਰ ਸਪਲਾਈ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਇਸ ਲਈ ਤੇਲ ਖਰੀਦਣ ਲਈ ਪੰਪਾਂ ‘ਤੇ ਭੀੜ ਇਕੱਠੀ ਨਾ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਕੰਟਰੋਲ ਰੂਮ ਨੰਬਰ 0175-2311318 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਅਧਿਕਾਰੀਆਂ, ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ( petrol and diesel ) ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਦੇ ਜਲਦ ਹੱਲ ਲਈ ਯਤਨ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੀਟਿੰਗ ਮੌਕੇ ਸਕੱਤਰ ਆਰ ਟੀ ਏ ਨਮਨ ਮਾਰਕੰਨ, ਐਸ.ਪੀ ਹਰਬੰਤ ਕੌਰ, ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ ਆਦਿ ਵੀ ਮੌਜੂਦ ਸਨ।

Exit mobile version