Site icon TheUnmute.com

RTA ਦਫ਼ਤਰਾਂ ‘ਚ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 16 ਫ਼ਰਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ (RTA Offices) ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਮੁਲਾਜ਼ਮਾਂ ਨੂੰ ਬਾਜ਼ ਆਉਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਨਿਰਵਿਘਨ, ਖੱਜਲ-ਖੁਆਰੀ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਖੱਜਲ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਨਿਰਦੇਸ਼ ਦਿੱਤੇ ਕਿ ਆਰ.ਟੀ.ਏ. ਦਫ਼ਤਰਾਂ (RTA Offices) ਵਿੱਚ ਕੰਮ ਕਰਵਾਉਣ ਆਉਂਦੇ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਗ਼ੌਰ ਕੀਤਾ ਜਾਵੇ ਅਤੇ ਗ਼ਲਤ ਪਾਏ ਗਏ ਮੁਲਾਜ਼ਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਸ. ਲਾਲਜੀਤ ਸਿੰਘ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨਿਸ਼ ਕੁਮਾਰ ਨੂੰ ਵੀ ਹਦਾਇਤ ਕੀਤੀ ਕਿ ਉਹ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ-ਖੁਆਰ ਕਰਨ ਦੀਆਂ ਖ਼ਬਰਾਂ ਮਿਲੀਆਂ ਹਨ। ਉਨ੍ਹਾਂ ਅਜਿਹੇ ਮੁਲਾਜ਼ਮਾਂ ਨੂੰ ਆਪਣੇ ਕੰਮ ਵਿੱਚ ਸੁਧਾਰ ਲਿਆਉਣ ਲਈ ਸਖ਼ਤ ਤਾੜਨਾ ਕੀਤੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਭੈਅ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।

Exit mobile version