July 2, 2024 9:06 pm
Phagwara sugar mill

ਫਗਵਾੜਾ ਖੰਡ ਮਿੱਲ ਹਰ ਹਾਲ ‘ਚ ਚਲਾਈ ਜਾਵੇਗੀ, ਗੰਨਾਂ ਕਾਸ਼ਤਕਾਰਾਂ ਦਾ ਨਹੀਂ ਹੋਣ ਦੇਵਾਂਗੇ ਕੋਈ ਨੁਕਸਾਨ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ 2022: ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ (Phagwara sugar mill) ਹਰ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ (Phagwara sugar mill) ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕ੍ਰਿਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ।