Shiromani Committee

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ, ਭਲਕੇ ਪਾਕਿਸਤਾਨ ਰਵਾਨਾ ਹੋਵੇਗਾ ਜੱਥਾ

ਅੰਮ੍ਰਿਤਸਰ, 08 ਅਪ੍ਰੈਲ 2023: ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਸ. ਕੁਲਵੰਤ ਸਿੰਘ ਰੰਧਾਵਾ ਜਾਣਗੇ।

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ ਅਤੇ ਜਥੇ ਵਿਚ ਜਿਹੜੇ ਸ਼ਰਧਾਲੂ ਜਾ ਰਹੇ ਹਨ ਉਨ੍ਹਾਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਭਲਕੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ (Shiromani Committee)  ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 109 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਸਰਕਾਰਾਂ ਨੂੰ ਖੁਲ੍ਹਦਿਲੀ ਨਾਲ ਵੀਜੇ ਦੇਣ ਦੀ ਅਪੀਲ ਕੀਤੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਜਥੇ ਨਾਲ ਮੰਗ ਅਨੁਸਾਰ ਸਮਾਨ ਭੇਜਿਆ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਗਤਾਰ ਸਿੰਘ ਰੋਡੇ, ਜਗਬੀਰ ਸਿੰਘ ਸੋਖੀ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਤੇ ਬੁਲਾਰੇ ਹਰਭਜਨ ਸਿੰਘ ਵਕਤਾ, ਵਿਕਾਸ ਸਿੰਘ ਆਦਿ ਹਾਜ਼ਰ ਸਨ।

Scroll to Top