ਦੇਸ਼, 07 ਨਵੰਬਰ 2025: ਸੁਪਰੀਮ ਕੋਰਟ ਨੇ ਅਹਿਮਦਾਬਾਦ ‘ਚ ਏਅਰ ਇੰਡੀਆ ਜਹਾਜ਼ ਹਾਦਸੇ ‘ਚ ਮਾਰੇ ਗਏ ਪਾਇਲਟ ਦੇ ਪਿਤਾ ਵੱਲੋਂ ਸੁਤੰਤਰ ਜਾਂਚ ਲਈ ਦਾਇਰ ਪਟੀਸ਼ਨ ‘ਤੇ ਕੇਂਦਰ ਸਰਕਾਰ ਅਤੇ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਤੋਂ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ ਨੇ ਮ੍ਰਿਤਕ ਪਾਇਲਟ ਦੇ ਪਿਤਾ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁੱਢਲੀ ਜਾਂਚ ਰਿਪੋਰਟ ‘ਚ ਵੀ ਪਾਇਲਟ ਵਿਰੁੱਧ ਕੋਈ ਦੋਸ਼ ਨਹੀਂ ਹਨ। ਅਦਾਲਤ ਨੇ ਪਾਇਲਟ ਕੈਪਟਨ ਸੁਮਿਤ ਸੱਭਰਵਾਲ ਦੇ 91 ਸਾਲਾ ਪਿਤਾ ਨੂੰ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਹਾਦਸੇ ਲਈ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਦਾ ਭਾਰ ਆਪਣੇ ਸਿਰ ਨਹੀਂ ਲੈਣਾ ਚਾਹੀਦਾ।
ਸੁਪਰੀਮ ਕੋਰਟ ਨੇ 12 ਜੁਲਾਈ ਦੀ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏਏਆਈਬੀ) ਦੀ ਮੁੱਢਲੀ ਰਿਪੋਰਟ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਇਸ ਨੇ ਕਿਤੇ ਵੀ ਪਾਇਲਟ ਨੂੰ ਦੋਸ਼ੀ ਨਹੀਂ ਠਹਿਰਾਇਆ। ਰਿਪੋਰਟ ‘ਚ ਸਿਰਫ ਦੋਵਾਂ ਪਾਇਲਟਾਂ ਵਿਚਾਲੇ ਹੋਈ ਗੱਲਬਾਤ ਦਾ ਜ਼ਿਕਰ ਕੀਤਾ ਗਿਆ ਹੈ। ਬੈਂਚ ਨੇ ਸਪੱਸ਼ਟ ਕੀਤਾ, “ਏਏਆਈਬੀ ਦੀ ਭੂਮਿਕਾ ਕਿਸੇ ਨੂੰ ਦੋਸ਼ੀ ਠਹਿਰਾਉਣਾ ਨਹੀਂ ਹੈ ਬਲਕਿ ਭਵਿੱਖ ‘ਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਉਪਾਅ ਸੁਝਾਉਣਾ ਹੈ। ਜੇਕਰ ਜ਼ਰੂਰੀ ਹੋਇਆ ਤਾਂ ਅਸੀਂ ਇਹ ਸਪੱਸ਼ਟ ਕਰਾਂਗੇ ਕਿ ਪਾਇਲਟ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ।
ਪਿਛਲੇ ਮਹੀਨੇ, ਪੁਸ਼ਕਰਰਾਜ ਸੱਭਰਵਾਲ ਅਤੇ ਫੈਡਰੇਸ਼ਨ ਆਫ਼ ਇੰਡੀਅਨ ਪਾਇਲਟਸ ਨੇ ਸੁਪਰੀਮ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕਰਕੇ ਹਾਦਸੇ ਦੀ ਸਾਬਕਾ ਜੱਜ ਦੀ ਅਗਵਾਈ ਹੇਠ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਦੀ ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ “ਅਧੂਰੀ ਜਾਂ ਪੱਖਪਾਤੀ ਜਾਂਚ ਨਾ ਸਿਰਫ਼ ਹਾਦਸੇ ਦੇ ਅਸਲ ਕਾਰਨਾਂ ਨੂੰ ਛੁਪਾਏਗੀ, ਸਗੋਂ ਭਵਿੱਖ ਦੇ ਯਾਤਰੀਆਂ ਦੀਆਂ ਜਾਨਾਂ ਨੂੰ ਵੀ ਖ਼ਤਰੇ ‘ਚ ਪਾ ਦੇਵੇਗੀ। ਇਹ ਸੰਵਿਧਾਨ ਦੇ ਆਰਟੀਕਲ 21 ਦੇ ਤਹਿਤ ਗਾਰੰਟੀਸ਼ੁਦਾ ਜੀਵਨ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ।”
Read More: Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ‘ਚ ਇਕਲੌਤੇ ਬਚੇ ਯਾਤਰੀ ਨੇ ਦੱਸੀ ਅੱਖੀਂ ਦੇਖੀ ਘਟਨਾ




