ਆਸ਼ਿਕਾ ਜੈਨ

BKU ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਸੰਘਰਸ਼ਾਂ ਦੀਆਂ ਵਿਉਂਤਬੰਦੀਆਂ

ਬਰਨਾਲਾ, 07 ਮਾਰਚ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸ਼ਹਿਣਾ, ਬਰਨਾਲਾ ਅਤੇ ਮਹਿਲਕਲਾਂ ਬਲਾਕ ਦੇ ਅਹੁਦੇਦਾਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਵਿਚਾਰੇ ਗਏ ਏਜੰਡਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਸਾਹਿਬ ਸਿੰਘ ਬਡਬਰ ਨੇ ਦਿੱਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ ਮੌਜੂਦਾ ਸਮੇਂ ਦੀਆਂ ਹਾਲਤਾਂ ਉੱਪਰ ਚਾਨਣਾ ਪਾਇਆ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਆਗੂਆਂ ਨੂੰ ਚੇਤੰਨ ਰੂਪ ਵਿੱਚ ਯਤਨ ਜੁਟਾਉਣ ਦਾ ਸੱਦਾ ਦਿੱਤਾ।

ਆਗੂਆਂ ਹਰਮੰਡਲ ਸਿੰਘ ਜੋਧਪੁਰ, ਜਗਰਾਜ ਸਿੰਘ ਹਰਦਾਸਪੁਰਾ, ਬਾਬੂ ਸਿੰਘ ਖੁੱਡੀ ਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕੌਮਾਂਤਰੀ ਔਰਤ ਦਿਵਸ 8 ਮਾਰਚ‌ ਨੂੰ ਮਹਿਲਕਲਾਂ ਬਲਾਕ ਦੇ ਪਿੰਡ ਕੁਰੜ ਵਿਖੇ ਮਨਾਇਆ ਜਾਵੇਗਾ। ਇਸ ਦਿਨ ਔਰਤਾਂ ਕਾਰਕੁੰਨਾਂ ਹੀ ਸਮੁੱਚੇ ਪ੍ਰੋਗਰਾਮ ਦੀ ਜ਼ਿੰਮੇਵਾਰੀ ਸੰਭਾਲਣਗੀਆਂ। ਪੂਰੇ ਜ਼ਿਲ੍ਹੇ ਦੀਆਂ ਔਰਤ ਕਾਰਕੁੰਨਾਂ ਇਸ ਔਰਤ ਮੁਕਤੀ ਕਾਨਫਰੰਸ ਵਿੱਚ ਹਿੱਸਾ ਲੈਣਗੀਆਂ। ਇਸ ਔਰਤ ਮੁਕਤੀ ਕਾਨਫਰੰਸ ਵਿੱਚ ਜਮਹੂਰੀ ਅਧਿਕਾਰ ਸਭਾ ਅਤੇ ਹੋਰ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੀਆਂ ਕਾਰਕੁੰਨਾਂ ਵੀ ਸ਼ਮੂਲੀਅਤ ਕਰਨਗੀਆਂ।

ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਸੀਬੀਆਈ ਵੱਲੋਂ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਟਿਕਾਣਿਆਂ ਉੱਪਰ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿਖੇਧੀ ਕੀਤੀ ਗਈ। ਕੇਂਦਰ ਸਰਕਾਰ ਆਗੂਆਂ ਦੀਆਂ ਰਿਹਾਇਸ਼ਾਂ ਅਤੇ ਕਾਰੋਬਾਰੀ ਟਿਕਾਣਿਆਂ ਉੱਪਰ ਛਾਪੇਮਾਰੀ ਕਰਕੇ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਕੇਂਦਰੀ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਐਸਕੇਐਮ ਦੇ ਸੱਦੇ ਤੇ 13 ਮਾਰਚ ਨੂੰ ਡੀਸੀ ਦਫ਼ਤਰ ਬਰਨਾਲਾ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ।

9 ਦਸੰਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਕਰਵਾਉਣ ਲਈ 20 ਮਾਰਚ ਦਿੱਲੀ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਦੀ ਠੋਸ ਵਿਉਂਤਬੰਦੀ ਕੀਤੀ ਗਈ। 20 ਮਾਰਚ ਦੀ ਤਿਆਰੀ ਲਈ ਅਤੇ 23 ਮਾਰਚ ਦੇ ਸ਼ਹੀਦਾਂ ਦੇ ਵਿਚਾਰ ਸਬੰਧੀ ਪਿੰਡ ਪੱਧਰ ਦੀਆਂ ਤਿਆਰੀਆਂ ਕਰਦਿਆਂ 16 ਮਾਰਚ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਵਿਸ਼ਾਲ ਕਨਵੈਨਸ਼ਨ ਕਰਕੇ ਡੀਸੀ ਦਫ਼ਤਰ ਵੱਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਸ ਮੀਟਿੰਗ ਵਿੱਚ ਭਾਗ ਸਿੰਘ ਕੁਰੜ, ਰਾਮ ਸਿੰਘ ਸ਼ਹਿਣਾ, ਅਮਰਜੀਤ ਸਿੰਘ ਠੁੱਲੀਵਾਲ, ਕੁਲਵਿੰਦਰ ਸਿੰਘ ਉੱਪਲੀ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਸੁਖਦੇਵ ਸਿੰਘ ਕੁਰੜ, ਕੁਲਵੰਤ ਸਿੰਘ ਹੰਢਿਆਇਆ, ਕਾਲਾ ਸਿੰਘ ਜੈਦ, ਗੋਪਾਲ ਕ੍ਰਿਸ਼ਨ ਹਮੀਦੀ, ਅਮਨਦੀਪ ਸਿੰਘ ਭਦੌੜ, ਜੱਗੀ ਰਾਏਸਰ ਆਦਿ ਆਗੂਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਹੇਠਲੇ ਪੱਧਰ ਤੱਕ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦਕ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ।

Scroll to Top