ਚੰਡੀਗੜ੍ਹ, 15 ਨਵੰਬਰ 2023: ਜੰਮੂ-ਕਸ਼ਮੀਰ ਦੇ ਡੋਡਾ (Doda) ਜ਼ਿਲੇ ਦੇ ਅੱਸਾਰ ਇਲਾਕੇ ‘ਚ ਬੁੱਧਵਾਰ ਨੂੰ ਇਕ ਬੱਸ 300 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 36 ਜਣਿਆਂ ਦੀ ਮੌਤ ਹੋ ਗਈ। ਕਈ ਜਣੇ ਜ਼ਖਮੀ ਹਨ। ਇਨ੍ਹਾਂ ਵਿੱਚੋਂ ਛੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ। ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਨੇ ਵੀ ਸਥਾਨਕ ਲੋਕਾਂ ਦੀ ਮੱਦਦ, ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ, ਇਸ ਲਈ ਉਸ ਨੂੰ ਕੱਟ ਕੇ ਲਾਸ਼ ਅਤੇ ਜ਼ਖਮੀਆਂ ਨੂੰ ਬਾਹਰ ਕੱਢਣਾ ਪਿਆ।
ਜ਼ਖ਼ਮੀਆਂ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ), ਡੋਡਾ (Doda) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਜਣਿਆਂ ਨੂੰ ਹਵਾਈ ਜਹਾਜ਼ ਰਾਹੀਂ ਜੰਮੂ ਭੇਜਿਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ਬੱਸ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਨੇ ਕਿਹਾ- ਡੋਡਾ ਬੱਸ ਹਾਦਸਾ ਦੁਖਦ ਹੈ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ- ਡੋਡਾ ਬੱਸ ਹਾਦਸੇ ਬਾਰੇ ਜਾਣ ਕੇ ਦੁਖੀ ਹਾਂ। ਸਥਾਨਕ ਪ੍ਰਸ਼ਾਸਨ ਬਚਾਅ ਕਾਰਜ ਚਲਾ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਨੇ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪ੍ਰਭਾਵਿਤ ਯਾਤਰੀਆਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ।