July 5, 2024 11:29 pm
PM ਮੋਦੀ

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪੁੱਜਿਆ

ਚੰਡੀਗੜ੍ਹ, 6 ਜਨਵਰੀ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਵੀ ਪੁੱਜ ਗਿਆ ਹੈ। ਦੂਜੇ ਪਾਸੇ ਪੰਜਾਬ ਦੀ ਚੰਨੀ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਸੀਜੇਆਈ ਐਨਵੀ ਰਮਨਾ ਦੀ ਬੈਂਚ ਅੱਗੇ ਉਠਾਇਆ ਗਿਆ ਹੈ ਅਤੇ ਇਸ ਦੀ ਸਮੀਖਿਆ ਦੀ ਮੰਗ ਕੀਤੀ ਗਈ ਹੈ।

ਜਦੋਂ ਸੀਜੇਆਈ ਨੇ ਪੁੱਛਿਆ ਤਾਂ ਤੁਸੀਂ ਸਾਡੇ ਤੋਂ ਕੀ ਉਮੀਦ ਕਰ ਰਹੇ ਹੋ? ਉਦੋਂ ਪਟੀਸ਼ਨਰ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਫਿਰੋਜ਼ਪੁਰ ਦੌਰੇ ‘ਤੇ ਸਨ। ਇਹ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ ਕਿ ਅਜਿਹਾ ਮਾਹੌਲ ਵਿੱਚ ਦੁਬਾਰਾ ਨਾ ਹੋਵੇ। ਜ਼ਿਲ੍ਹਾ ਜੱਜ ਨੂੰ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਤੁਸੀਂ ਫੈਸਲਾ ਕਰ ਸਕਦੇ ਹੋ ਕਿ ਕੀ ਕਦਮ ਚੁੱਕਣੇ ਹਨ।

ਕਿਰਪਾ ਕਰਕੇ ਅੱਜ ਹੀ ਆਰਡਰ ਪਾਸ ਕਰਨ ਬਾਰੇ ਵਿਚਾਰ ਕਰੋ। ਪਟੀਸ਼ਨ ਵਿੱਚ ਐਡਵੋਕੇਟ ਮਨਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਢੁਕਵੇਂ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਇਸ ‘ਤੇ ਸੀਜੇਆਈ ਨੇ ਕਿਹਾ ਕਿ ਤੁਸੀਂ ਰਾਜ ਸਰਕਾਰ ਨੂੰ ਪਟੀਸ਼ਨ ਦੀ ਕਾਪੀ ਮੁਹੱਈਆ ਕਰਵਾਓ। ਅਸੀਂ ਭਲਕੇ ਮਾਮਲੇ ਦੀ ਸੁਣਵਾਈ ਕਰਾਂਗੇ।

ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਸਾਲ ਬਾਅਦ ਰੈਲੀ ਕਰਨੀ ਸੀ ਅਤੇ ਇੱਥੇ ਪ੍ਰਧਾਨ ਮੰਤਰੀ 42 ਹਜ਼ਾਰ ਕਰੋੜ ਤੋਂ ਵੱਧ ਦੀਆਂ ਯੋਜਨਾਵਾਂ ਦਾ ਐਲਾਨ ਕਰਨ ਵਾਲੇ ਸਨ। ਪਰ ਸੁਰੱਖਿਆ ਦੀ ਢਿੱਲ ਕਾਰਨ ਰੈਲੀ ਰੱਦ ਕਰਨੀ ਪਈ।