ਚੰਡੀਗੜ੍ਹ, 22 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਆਪਣੀ ਦੋ ਦਿਨਾਂ ਯਾਤਰਾ ਦੇ ਦੂਜੇ ਦਿਨ ਪੋਲੈਂਡ (Poland) ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਟਸਕ ਵੱਲੋਂ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ |
ਉਨ੍ਹਾਂ ਕਿਹਾ ਕਿ ਭਾਰਤ-ਪੋਲੈਂਡ ਦੋਸਤੀ ਨੂੰ ਮਜ਼ਬੂਤ ਕਰਨ ਲਈ ਤੁਹਾਡੇ ਅਣਮੁੱਲੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ। ਪ੍ਰਧਾਨ ਮੰਤਰੀ ਨੇ ਡੋਨਾਲਡ ਟਸਕ ਨੂੰ ਕਿਹਾ ਕਿ ਉਹ ਭਾਰਤ ਦੇ ਲੰਮੇ ਸਮੇਂ ਤੋਂ ਚੰਗੇ ਦੋਸਤ ਹਨ | ਟਸਕ ਨੇ ਭਾਰਤ ਅਤੇ ਪੋਲੈਂਡ ਦਰਮਿਆਨ ਦੋਸਤੀ ਨੂੰ ਮਜ਼ਬੂਤ ਕਰਨ ‘ਚ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ (PM Modi) ਨੇ ਕਿਹਾ ਕਿ ਅੱਜ 45 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਪੋਲੈਂਡ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਪੋਲੈਂਡ ਦੀ ਸਰਕਾਰ ਅਤੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ 2022 ‘ਚ ਯੂਕਰੇਨ ਸੰਕਟ ਦੌਰਾਨ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਣ ‘ਚ ਤੁਹਾਡੇ ਵੱਲੋਂ ਦਿਖਾਈ ਗਈ ਉਦਾਰਤਾ ਨੂੰ ਅਸੀਂ ਭਾਰਤੀ ਕਦੇ ਨਹੀਂ ਭੁੱਲ ਸਕਦੇ।
ਪੀਐਮ ਮੋਦੀ ਨੇ ਕਿਹਾ ਕਿ ਯੂਕਰੇਨ ਅਤੇ ਪੱਛਮੀ ਏਸ਼ੀਆ ‘ਚ ਚੱਲ ਰਿਹਾ ਸੰਘਰਸ਼ ਸਾਡੇ ਸਾਰਿਆਂ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ। ਭਾਰਤ ਦਾ ਪੱਕਾ ਵਿਸ਼ਵਾਸ ਹੈ ਕਿ ਜੰਗ ਦੇ ਮੈਦਾਨ ‘ਚ ਕੋਈ ਵੀ ਸਮੱਸਿਆ ਹੱਲ ਨਹੀਂ ਹੈ । ਕਿਸੇ ਵੀ ਸੰਕਟ ਵਿੱਚ ਮਾਸੂਮ ਜਾਨਾਂ ਦਾ ਜਾਨਾ ਸਮੁੱਚੀ ਮਨੁੱਖਤਾ ਲਈ ਸਭ ਤੋਂ ਵੱਡੀ ਚੁਣੌਤੀ ਬਣ ਗਿਆ ਹੈ। ਅਸੀਂ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਲਈ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦੇ ਹਾਂ। ਇਸ ਦੇ ਲਈ ਭਾਰਤ ਆਪਣੇ ਮਿੱਤਰ ਦੇਸ਼ਾਂ ਦੇ ਨਾਲ-ਨਾਲ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ।