July 2, 2024 8:25 pm
Simarjit Singh Bains

ਪੁਲਿਸ ਵਲੋਂ ਜਬਰ ਜਨਾਹ ਦੇ ਮਾਮਲੇ ‘ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ

ਚੰਡੀਗੜ੍ਹ 02 ਜੁਲਾਈ 2022: ਪੁਲਿਸ ਨੇ ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਦੇ ਭਰਾ ਕਰਮਜੀਤ ਸਿੰਘ ਬੈਂਸ (Karamjit Singh Bains) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ ‘ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸਦੇ ਨਾਲ ਹੀ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਅਦਾਲਤ ਵਲੋਂ ਇਸ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਮੁੱਖ ਕਥਿਤ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਿਕਰਯੋਗ ਹੈ ਕਿ ਬੀਤੇ ਦਿਨ ਜਬਰ-ਜਨਾਹ ਦੇ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਨਹੀਂ ਮਿਲੀ | ਸਿਮਰਜੀਤ ਸਿੰਘ ਬੈਂਸ ਨੇ ਹੇਠਲੀ ਅਦਾਲਤ ਵਲੋਂ ਭਗੌੜਾ ਕਰਾਰ ਦੇਣ ਅਤੇ ਜਬਰ-ਜਨਾਹ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ‘ਚ ਰਿੱਟ ਦਾਇਰ ਕੀਤੀ ਗਈ ਸੀ ਜੋ ਕਿ ਅੱਜ ਅਦਾਲਤ ਵਲੋਂ ਰੱਦ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਮਰਜੀਤ ਬੈਂਸ ਦੀਆਂ ਰਿੱਟਾ ਅਦਾਲਤ ਵਲੋਂ ਰੱਦ ਕੀਤੀ ਜਾ ਚੁੱਕੀਆਂ ਹਨ |