ਅੰਮ੍ਰਿਤਸਰ 18 ਅਕਤੂਬਰ 2022: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅੰਮ੍ਰਿਤਸਰ ਵਿਚ ਪੁਲਿਸ ਵੱਲੋਂ ਹਰ ਚੁਰਾਹੇ ਤੇ ਨਾਕੇਬੰਦੀ ਕਰ ਹਰ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਪੁਲਿਸ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ |
ਜਿਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਦਿਨਾਂ ਦੇ ਵਿੱਚ ਅੰਮ੍ਰਿਤਸਰ ਵਿੱਚ ਵੱਖ ਵੱਖ ਮਾਮਲਿਆਂ ‘ਚ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਲੈ ਕੇ ਅਤੇ ਵੱਖ ਵੱਖ ਕੇਸਾਂ ਨੂੰ ਲੈ ਕੇ ਪ੍ਰੈੱਸ ਵਾਰਤਾ ਕੀਤੀ ਗਈ, ਇਸ ਸੰਬੰਧ ਵਿਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਥਾਣਾ ਰਣਜੀਤ ਐਵੀਨਿਊ (Ranjit Avenue) ਅਧੀਨ ਆਉਂਦੇ ਇਲਾਕੇ ਵਿੱਚ ਪਿਛਲੇ ਦਿਨੀਂ ਪਿਸਤੌਲ ਦੀ ਨੋਕ ‘ਤੇ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ ਉਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ |
ਗ੍ਰਿਫਤਾਰ ਕੀਤੇ ਇਨ੍ਹਾਂ ਤਿੰਨ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਗੋਲਡੀ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਕੈਪਟਨ ਸਿੰਘ ਉਰਫ ਕਾਲੀ ਦੇ ਰੂਪ ਵਿਚ ਹੋਈ ਹੈ | ਜਿਨ੍ਹਾਂ ਵੱਲੋਂ ਰਣਜੀਤ ਐਵਨਿਊ ਏ-ਬਲਾਕ ਇਲਾਕੇ ਦੇ ਵਿੱਚ ਗੱਡੀ ਖੋਹੀ ਗਈ ਸੀ | ਪੁਲਿਸ ਨੇ ਇਨ੍ਹਾਂ ਤੋਂ ਖੋਹੀ ਗੱਡੀ ਤੇ ਇਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ |
ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਦੀ ਐਂਟੀ ਗੈਂਗਸਟਰ ਟੀਮ ਵੱਲੋਂ ਨਾਈਟ ਚੈਕਿੰਗ ਦੌਰਾਨ ਜੰਮੂ ਕਸ਼ਮੀਰ ਤੋਂ ਆ ਰਹੀ ਇਕ ਕਾਰ ਨੂੰ ਰੋਕਿਆ ਗਿਆ ਅਤੇ ਉਸ ਕਾਰ ਦੀ ਤਲਾਸ਼ੀ ਲੈਣ ‘ਤੇ ਇਸ ਕਾਰ ਦੇ ਵਿੱਚੋਂ 37 ਲੱਖ 6 ਹਜ਼ਾਰ ਰੁਪਏ ਬਰਾਮਦ ਹੋਏ ਹਨ | ਹੁਣ ਕਾਰ ਸਵਾਰ ਸ਼ਿਵਾ ਮਦਾਨ ਜੋ ਕਿ ਜੰਮੂ ਕਸ਼ਮੀਰ ਦਾ ਰਹਿਣ ਵਾਲਾ ਹੈ ਉਸ ਦੀ ਚੈਕਿੰਗ ਕੀਤੀ ਜਾ ਰਹੀ ਅਤੇ ਇਸ 37 ਲੱਖ ਸਬੰਧੀ ਇਨਕਮ ਟੈਕਸ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਹੈ |
ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਥਾਣਾ ਏ-ਡਿਵੀਜ਼ਨ ਅਧੀਨ ਇਲਾਕੇ ਵਿੱਚੋਂ ਪਾਰਸ ਹੋਟਲ ‘ਚ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜਮਾਂ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ ਜੱਸੀ ਕਿਰਪਾਲ ਸਿੰਘ ਗੁਰਚਰਨ ਬੀਰ ਸਿੰਘਾਂ ਦੇ ਰੂਪ ਵਿਚ ਹੋਈ ਹੈ ਅਤੇ ਇਨ੍ਹਾਂ ਦੇ ਨਾਲ ਇਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜਿਸਦੀ ਅਜੇ ਪਹਿਚਾਣ ਪੁਲਿਸ ਨੇ ਨਹੀਂ ਦੱਸੀ |