ਚੰਡੀਗੜ੍ਹ, 13 ਸਤੰਬਰ 2024: ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਦੀ ਅਗਵਾਈ ‘ਚ ਐਰੋਸਿਟੀ, ਐਸਏਐਸ ਨਗਰ ਤੋਂ ਡਰੱਗ ਇੰਸਪੈਕਟਰ (Drug Inspector) ਸ਼ੀਸ਼ਾਨ ਮਿੱਤਲ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ‘ਚ ਸਹਾਇਤਾ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਂ ‘ਤੇ ਬੇਨਾਮੀ ਖਾਤਿਆਂ ‘ਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਕਾਰਵਾਈ ਕਰਦਿਆਂ ਡਰੱਗ ਇੰਸਪੈਕਟਰ (Drug Inspector) ਨਾਲ ਸੰਬੰਧਿਤ 24 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ ਅਤੇ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਹਨ | ਇਨ੍ਹਾਂ ਖਾਤਿਆਂ ‘ਚ ਕੁੱਲ ਰਕਮ 7.09 ਕਰੋੜ ਰੁਪਏ ਹਨ | ਇਸਦਾ ਨਾਲ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ‘ਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ।
ਡੀਜੀਪੀ ਗੌਰਵ ਯਾਦਵ ਦੇ ਮੁਤਾਬਕ ਤਕਨੀਕੀ ਢੰਗ ਨਾਲ ਕੀਤੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਘੋਖ ਉਪਰੰਤ ਏਐਨਟੀਐਫ ਨੇ ਇਹ ਕਾਰਵਾਈ ਕੀਤੀ ਹੈ | ਡੀਜੀਪੀ ਨੇ ਦੱਸਿਆ ਕਿ ਉਕਤ ਮੁਲਜ਼ਮ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ‘ਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਚਲਾਉਣ ‘ਚ ਮੱਦਦ ਕਰਦਾ ਸੀ। ਪੜਤਾਲ ‘ਚ ਪਾਇਆ ਗਿਆ ਕਿ ਕਿ ਉਕਤ ਡਰੱਗ ਇੰਸਪੈਕਟਰ ਸਰਕਾਰ ਤੋਂ ਇਜਾਜ਼ਤ ਲਏ ਜਾਂ ਐਕਸ-ਇੰਡੀਆਂ ਲੀਵ ਲਏ ਬਿਨਾਂ ਅਕਸਰ ਵਿਦੇਸ਼ਾਂ ‘ਚ ਘੁੰਮਦਾ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਲ ਹੀ ‘ਚ ਸੈਸ਼ਨ ਅਦਾਲਤ ਨੇ ਰੱਦ ਕਰ ਦਿੱਤਾ ਸੀ, ਜਿਸ ਨਾਲ ਉਨ੍ਹਾਂ ਖ਼ਿਲਾਫ ਦੋਸ਼ਾਂ ਦੀ ਗੰਭੀਰਤਾ ਹੋਰ ਵਧੇਰੇ ਸਪੱਸ਼ਟ ਹੋ ਗਈ ਸੀ । ਦੂਜੇ ਪਾਸੇ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਨੇ ਇਸ ਗ੍ਰਿਫਤਾਰੀ ਸੰਬੰਧੀ ਦੱਸਿਆ ਕਿ ਸ਼ੀਸ਼ਾਨ ਮਿੱਤਲ ਕੋਲੋਂ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਗੈਰ-ਕਾਨੂੰਨੀ ਢੰਗ ਬਣਾਈਆਂ ਸੰਪਤੀਆਂ ਦੀ ਪਛਾਣ ਕੀਤੀ ਹੈ | ਇਸ ‘ਚ ਜ਼ੀਰਕਪੁਰ ‘ਚ 2 ਕਰੋੜ ਰੁਪਏ ਦੇ ਮੁੱਲ ਦੇ ਫਲੈਟ, ਡੱਬਵਾਲੀ ‘ਚ 40 ਲੱਖ ਰੁਪਏ ਦਾ ਪਲਾਟ ਅਤੇ ਹੋਰ ਬਹੁਤ ਕੁਝ ਸ਼ਾਮਲ ਹਨ |
ਪੁਲਿਸ ਨੇ ਇਸ ਸਬੰਧੀ ਐਫ.ਆਈਆ.ਰ ਨੰ. 121/2024 ਤਹਿਤ ਐਨ.ਡੀ.ਪੀ.ਐਸ ਐਕਟ ਦੀ ਧਾਰਾ 29 ਅਤੇ 59 ਅਤੇ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 111 ਅਧੀਨ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।