Site icon TheUnmute.com

ਪੁਲਿਸ ਨੇ ਬਰਖ਼ਾਸਤ ਇੰਸਪੈਕਟਰ ਬਾਜਵਾ ਦੇ ਘਰੋਂ 3710 ਟਰਾਮਾਡੋਲ ਗੋਲੀਆਂ, 4.7 ਕਿੱਲੋ ਨਸ਼ੀਲਾ ਪਾਊਡਰ ਕੀਤਾ ਬਰਾਮਦ

ਪੁਲਿਸ

ਚੰਡੀਗੜ੍ਹ/ਫ਼ਿਰੋਜ਼ਪੁਰ 01 ਅਗਸਤ 2022: ਨਸ਼ਿਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ​​ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ 3710 ਨਸ਼ੀਲੀਆਂ ਗੋਲੀਆਂ (ਟਰਾਮਾਡੋਲ ਐਸ.ਆਰ. 100 ਮਿਲੀਗ੍ਰਾਮ) ਅਤੇ 4.7 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇਹ ਜਾਣਕਾਰੀ ਆਈ. ਪੀ ਹੈੱਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ |

ਪੰਜਾਬ ਪੁਲਿਸ ਨੇ ਫਿਰੋਜ਼ਪੁਰ ਦੇ ਨਾਰਕੋਟਿਕ ਕੰਟਰੋਲ ਸੈੱਲ ਵਿਚ ਤਾਇਨਾਤ ਇੰਸਪੈਕਟਰ ਬਾਜਵਾ ਅਤੇ ਉਸ ਦੇ ਦੋ ਪੁਲਿਸ ਸਾਥੀਆਂ ਨੂੰ ਨਸ਼ੇ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਫਸਾਉਣ ਅਤੇ ਉਨ੍ਹਾਂ ਤੋਂ ਵੱਡੀ ਰਕਮ ਵਸੂਲਣ ਦੇ ਦੋਸ਼ ਵਿਚ ਬਰਖਾਸਤ ਕਰਨ ਤੋਂ ਇਕ ਹਫ਼ਤੇ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਨੌਕਰੀ ਤੋਂ ਬਰਖਾਸਤ ਕੀਤੇ ਗਏ ਦੋ ਹੋਰ ਪੁਲਿਸ ਮੁਲਾਜ਼ਮਾਂ ਦੀ ਪਹਿਚਾਣ ਏ. ਐੱਸ. ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ. ਪੀ.ਸੁਖਚੈਨ ਗਿੱਲ ਨੇ ਦੱਸਿਆ ਕਿ ਉਕਤ ਮਾਮਲੇ ਦੀ ਤਫਤੀਸ਼ ਜਾਰੀ ਰੱਖਦੇ ਹੋਏ ਥਾਣਾ ਫਿਰੋਜ਼ਪੁਰ ਦੀ ਪੁਲਿਸ ਟੀਮਾਂ ਨੇ ਬਰਖਾਸਤ ਪਰਮਿੰਦਰ ਬਾਜਵਾ ਦੇ ਕਿਰਾਏ ਦੇ ਮਕਾਨ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲਈ ਗਈ।

ਉਹਨਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਬਰਖਾਸਤ ਇੰਸਪੈਕਟਰ ਬਾਜਵਾ ਖਿਲਾਫ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਨਵਾਂ ਐਫ.ਆਈ.ਆਈ. ਆਈਆਰ ਨੰ. 99 ਮਿਤੀ 1 ਅਗਸਤ, 2022 ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Exit mobile version