ਚੰਡੀਗੜ੍ਹ 16 ਜੁਲਾਈ 2022: ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਵੱਲੋਂ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਬਿਆਨ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ | ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਬਿਆਨ ‘ਚ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ |
ਜਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਕਿ ‘ਭਗਤ ਸਿੰਘ ਨੇ ਇਕ ਨੌਜਵਾਨ ਅੰਗਰੇਜ਼ ਅਫਸਰ ਅਤੇ ਇਕ ਅੰਮ੍ਰਿਤਧਾਰੀ ਸਿੱਖ ਕਾਂਸਟੇਬਲ ਚੰਨਣ ਸਿੰਘ ਨੂੰ ਮਾਰਿਆ ਸੀ। ਉਸ ਨੇ ਉਸੇ ਸਮੇਂ ਨੈਸ਼ਨਲ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ। ਹੁਣ ਤੁਸੀਂ ਹੀ ਦੱਸੋ ਕਿ ਭਗਤ ਸਿੰਘ ਅੱਤਵਾਦੀ ਸੀ ਜਾਂ ਭਗਤ।
ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇਸ ਬਿਆਨ ਨੂੰ ਸ਼ਰਮਨਾਕ ਦੱਸਦਿਆਂ ਸਿਮਰਨਜੀਤ ਸਿੰਘ ਮਾਨ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਮੁਆਫ਼ੀ ਨਹੀਂ ਮੰਗਦੇ ਤਾਂ ਪਾਰਟੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੀ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਮਹਾਨ ਨਾਇਕ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇਗੀ।
ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਮਾਨ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਸਾਡੇ ਕੌਮੀ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦੀ ਨਿੰਦਿਆ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਹਰ ਸਿੱਖ, ਹਰ ਪੰਜਾਬੀ ਅਤੇ ਹਰ ਭਾਰਤੀ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ‘ਤੇ ਮਾਣ ਹੈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਮਾਨ ਨੂੰ ਸਲਾਹ ਦਿੰਦਿਆਂ ਹੋਏ ਕਿਹਾ ਕਿ “ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਭਰ ਦੇ ਲੱਖਾਂ ਅਤੇ ਕਰੋੜਾਂ ਨੌਜਵਾਨਾਂ ਲਈ ਇੱਕ ਆਦਰਸ਼ ਅਤੇ ਪ੍ਰੇਰਨਾ ਸਰੋਤ ਹਨ ਅਤੇ ਹਮੇਸ਼ਾ ਰਹਿਣਗੇ”।ਇਸਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਇਹ ਇੱਕ ਗਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਨ ਨੇ ਜਾਣਬੁੱਝ ਕੇ ਆਪਣੀਆਂ ਭੜਕਾਊ ਟਿੱਪਣੀਆਂ ਕਰਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਅਸਵੀਕਾਰਨਯੋਗ ਹੈ ਅਤੇ ਦੇਸ਼ ਭਰ ਦੇ ਦੇਸ਼ ਵਾਸੀਆਂ ਨੂੰ ਠੇਸ ਪਹੁੰਚਾਈ ਹੈ।