ਚੰਡੀਗੜ੍ਹ, 30 ਅਗਸਤ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਨੇ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਖੇਤਰੀ ਸਿਆਸੀ ਪਾਰਟੀਆਂ (Political parties) ਨੂੰ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ ਦੇ ਖੇਤਰੀ ਕੇਂਦਰਾਂ ਤੋਂ ਚੋਣ ਪ੍ਰਚਾਰ ਕਰਨ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।
ਅਗਰਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਹਰਿਆਣਾ ਦੀਆਂ 6 ਰਾਸ਼ਟਰੀ ਅਤੇ 2 ਖੇਤਰੀ ਸਿਆਸੀ ਪਾਰਟੀਆਂ ਨੂੰ ਸਮਾਂ ਅਲਾਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ‘ਚ ਭਾਰਤੀ ਜਨਤਾ ਪਾਰਟੀ, ਭਾਰਤੀ ਰਾਸ਼ਟਰੀ ਕਾਂਗਰਸ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਬਹੁਜਨ ਸਮਾਜ ਪਾਰਟੀ, ਨੈਸ਼ਨਲ ਪੀਪਲਜ਼ ਪਾਰਟੀ ਅਤੇ ਆਮ ਆਦਮੀ ਪਾਰਟੀ ਸ਼ਾਮਲ ਹਨ। ਇਸ ਤੋਂ ਇਲਾਵਾ ਖੇਤਰੀ ਪਾਰਟੀਆਂ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਜਨਨਾਇਕ ਜਨਤਾ ਪਾਰਟੀ ਸ਼ਾਮਲ ਹਨ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਚੋਣ ਪ੍ਰਚਾਰ ਲਈ ਸਿਆਸੀ ਪਾਰਟੀਆਂ (Political parties) ਨੂੰ ਕੁੱਲ 720-720 ਮਿੰਟ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਰਾਸ਼ਟਰੀ ਪਾਰਟੀਆਂ ‘ਚੋਂ ਭਾਰਤੀ ਜਨਤਾ ਪਾਰਟੀ ਨੂੰ 197 ਮਿੰਟ, ਕਾਂਗਰਸ ਨੂੰ 162, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੂੰ 45 ਮਿੰਟ, ਬਹੁਜਨ ਸਮਾਜ ਪਾਰਟੀ ਨੂੰ 62 ਮਿੰਟ, ਰਾਸ਼ਟਰੀ ਪੀਪਲਜ਼ ਪਾਰਟੀ ਨੂੰ 45 ਮਿੰਟ ਅਤੇ ਆਮ ਆਦਮੀ ਪਾਰਟੀ ਨੂੰ 47 ਮਿੰਟ, ਇੰਡੀਅਨ ਨੈਸ਼ਨਲ ਲੋਕ ਦਲ ਨੂੰ 55 ਮਿੰਟ ਅਤੇ ਜਨਨਾਇਕ ਜਨਤਾ ਪਾਰਟੀ ਨੂੰ 107 ਮਿੰਟ ਦਾ ਸਲਾਟ ਮਿਲਿਆ ਹੈ |