ਅੰਮ੍ਰਿਤਸਰ 15 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਜਾਰੀ ਬਿਆਨ ਵਿਚ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਕਦੇ ਵੀ ਚੁੱਪ ਨਹੀਂ ਰਹੀ, ਹੁਣ ਵੀ ਸੰਜੀਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 16 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਪੰਜਾਬ ਨੂੰ ਮਿਲੇਗਾ।
ਉਨ੍ਹਾਂ (Harjinder Singh Dhami) ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਦਿੱਤੇ ਸਿੰਘ ਸਾਹਿਬ ਦੇ ਸੰਦੇਸ਼ ਨੂੰ ਸਿਆਸੀ ਰੰਗਤ ਦੇਣ ਵਾਲੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਕੀਤੀ ਬਿਆਨਬਾਜ਼ੀ ਦੀ ਹਰਕਤ ਮੰਦਭਾਗੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੱਸੇ, ਬੰਦੀ ਸਿੰਘਾਂ ਰਿਹਾਈ ਲਈ ਹੁਣ ਤੱਕ ਕਿ ਯਤਨ ਕੀਤੇ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ 11 ਮੈਂਬਰੀ ਕਮੇਟੀ ਨੂੰ ਵੀ ਰਾਜਸੀ ਹਿੱਤਾਂ ਲਈ ਦਿੱਲੀ ਕਮੇਟੀ ਦੇ ਆਗੂਆਂ ਨੇ ਤਾਰਪੀਡੋ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜੇਲ੍ਹ ਜਾਵੇਗਾ ਅਤੇ ਇਸ ਸੰਬੰਧੀ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਦਾ ਵਫ਼ਦ ਆਪ ਜਾਵੇਗਾ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ 103ਵੇਂ ਸਥਾਪਨਾ ਦਿਵਸ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।