PSPCL

ਪਾਵਰਕੌਮ ਵੱਲੋਂ ਫਿਰੋਜ਼ਪੁਰ ਹਲਕੇ ਦੇ ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 15.86 ਲੱਖ ਰੁਪਏ ਜ਼ੁਰਮਾਨਾ

ਫਿਰੋਜ਼ਪੁਰ 5 ਸਤੰਬਰ ,2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਕਲ ਫਿਰੋਜਪੁਰ ਹਲਕੇ ਅਧੀਨ ਪੈਂਦੇ ਮੰਡਲ ਦਫ਼ਤਰਾਂ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ/ਪੇਂਡੂ ਇਲਾਕਿਆਂ ਵਿੱਚ ਵੱਖ ਵੱਖ ਸ੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ ਕੁਲ 459 ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ ਗਏ ।

ਇਹਨਾਂ ਵਿਚੋਂ 56 ਨੰਬਰ ਬਿਜਲੀ ਖਪਤਕਾਰਾਂ ਨੂੰ ਬਿਜਲੀ ਚੋਰੀ ਲਈ 14.40 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਅਤੇ 21 ਨੰਬਰ ਬਿਜਲੀ ਖਪਤਕਾਰਾਂ ਦੇ ਅਣ-ਅਧਿਕਾਰਤ ਲੋਡ ਦੇ ਕੁਨੈਕਸ਼ਨ ਫੜੇ ਗਏ । ਜਿਨ੍ਹਾਂ ਨੂੰ 1.46 ਲੱਖ ਰੁਪਏ ਜੁਰਮਾਨਾ ਕੀਤਾ ਗਿਆ । ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਿਗਰਾਨ ਇੰਜੀਨੀਅਰ ਵੰਡ ਹਲਕਾ, ਫਿਰੋਜਪੁਰ ਇੰਜ: ਵਿਜੈ ਕੁਮਾਰ ਬਾਂਸਲ ਨੇ ਦੱਸਿਆ ਗਿਆ ਹੈ ਕਿ ਬਿਜਲੀ ਚੋਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਾਰੀ ਰਹਿਣਗੀਆਂ ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

Scroll to Top