ਐਸ.ਏ.ਐਸ ਨਗਰ, 24 ਜਨਵਰੀ 2023: ਪੰਜਾਬ ਸਰਕਾਰ ਵਲੋਂ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ, ਅਮਨ ਅਰੋੜਾ, ਚੇਤਨ ਸਿੰਘ ਜੋੜੇਮਾਜਰਾ, ਹਰਪਾਲ ਸਿੰਘ ਚੀਮਾ, ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।
ਉਨ੍ਹਾਂ ਨੇ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਅਦਾਰੇ ਤੇ ਸੰਸਥਾ ਦੀ ਜ਼ਿੰਮੇਵਾਰੀ ਇਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਸੌਂਪ ਰਹੀ ਹੈ। ਜਦੋਂ ਵੱਖੋ ਵੱਖੋ ਸੰਸਥਾਵਾਂ ਤੇ ਅਦਾਰੇ ਪੂਰਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਪੰਜਾਬ ਨੂੰ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨਾ ਭਰੋਸਾ ਹੈ ਕਿ ਸ਼੍ਰੀਮਤੀ ਪ੍ਰਭਜੋਤ ਕੌਰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਆਸਾਂ ‘ਤੇ ਖ਼ਰਾ ਉਤਰਨ ਲਈ ਪੂਰੇ ਪੂਰੇ ਯਤਨ ਕੀਤੇ ਜਾਣਗੇ । ਜ਼ਿਲ੍ਹੇ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਾਸਤੇ ਪੁਰਜ਼ੋਰ ਕੰਮ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।