ਚੰਡੀਗੜ੍ਹ 12 ਮਾਰਚ 2022: 40 ਮੈਂਬਰੀ ਗੋਆ (Goa) ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਭਾਜਪਾ 20 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਸ ਤਰ੍ਹਾਂ ਉਹ ਸੂਬੇ ‘ਚ ਇਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਸ਼ਨੀਵਾਰ ਦੁਪਹਿਰ ਨੂੰ ਸੀਐਮ ਪ੍ਰਮੋਦ ਸਾਵੰਤ (Pramod Sawant) ਨੇ ਰਾਜ ਭਵਨ ਜਾ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪਿਆ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਨੇ ਸ਼ਨੀਵਾਰ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਨਾਲ ਸੂਬੇ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਸਾਫ਼ ਹੋ ਗਿਆ ਹੈ। ਰਾਜਪਾਲ ਪੀਐਸ ਸ੍ਰੀਧਰਨ ਪਿੱਲੈਈ ਨੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਮੰਤਰੀ ਨਿਯੁਕਤ ਕੀਤਾ ਹੈ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਵੰਤ ਨੇ ਕਿਹਾ ਕਿ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਹੈ। ਸਾਵੰਤ ਨੇ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਮੰਤਰੀ ਦਾ ਨਿਯੁਕਤੀ ਪੱਤਰ ਸੌਂਪਿਆ।
ਇਸਦਾ ਨਾਲ ਹੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਪਾਰਟੀ ਨੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਅਜੇ ਕੋਈ ਤਾਰੀਖ਼ ਤੈਅ ਨਹੀਂ ਕੀਤੀ ਹੈ। ਪਾਰਟੀ ਦੇ ਕੇਂਦਰੀ ਅਬਜ਼ਰਵਰ ਗੋਆ (Goa) ਅਤੇ ਤਿੰਨ ਹੋਰ ਰਾਜਾਂ ‘ਚ ਜਾਣਗੇ। ਇਨ੍ਹਾਂ ਚਾਰਾਂ ਰਾਜਾਂ ‘ਚ ਭਾਜਪਾ ਦੀ ਜਿੱਤ ਹੋਈ ਹੈ। ਅਬਜ਼ਰਵਰਾਂ ਦੇ ਆਉਣ ਤੋਂ ਬਾਅਦ ਸਹੁੰ ਚੁੱਕਣ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾਵੇਗਾ।