ਚੰਡੀਗੜ੍ਹ, 7 ਨਵੰਬਰ 2024: ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਨਵੇਂ ਚੁਣੇ ਸਰਪੰਚਾਂ (Sarpanchs) ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਕਿਸਮ ਦੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ।
ਪੰਜਾਬ ਸਰਕਾਰ ਦਾ ਇਹ ਵਿਲੱਖਣ ਸਮਾਗਮ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਲੋਕਤੰਤਰ ਦਾ ਥੰਮ’ ਮੰਨਿਆ ਜਾਂਦਾ ਹੈ। ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ‘ਚ ਸਮਾਪਤ ਹੋਈਆਂ ਪੰਚਾਇਤੀ ਚੋਣਾਂ ‘ਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13,147 ਗ੍ਰਾਮ ਪੰਚਾਇਤਾਂ ‘ਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।
ਇਸਤੋਂ ਇਲਾਵਾ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ (Sarpanches) ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਨਵੇਂ ਮਾਪਦੰਡ ਕਾਇਮ ਕੀਤੇ ਹਨ ਅਤੇ ਇਸ ਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡਾਂ ਨੂੰ ਸਿਆਸੀ ਧੜੇਬੰਦੀ ਤੋਂ ਦੂਰ ਰੱਖ ਕੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ ।
ਲੋਕ ਹਿੱਤ ਵਿੱਚ ਸੂਬਾ ਸਰਕਾਰ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਲੜਨ ’ਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ। ਇਸ ਦਾ ਉਦੇਸ਼ ਪਿੰਡਾਂ ਵਿੱਚ ਧੜੇਬੰਦੀ ਕਾਰਨ ਪੈਦਾ ਹੋਈਆਂ ਵੰਡੀਆਂ ਨੂੰ ਖਤਮ ਕਰਨਾ ਸੀ ਤਾਂ ਜੋ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਦਮ ਨਾਲ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਲੜਨ ’ਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਸੀ।
ਇਸ ਦਾ ਉਦੇਸ਼ ਪਿੰਡਾਂ ‘ਚ ਧੜੇਬੰਦੀ ਕਾਰਨ ਪੈਦਾ ਹੋਈਆਂ ਵੰਡੀਆਂ ਨੂੰ ਖਤਮ ਕਰਨਾ ਸੀ ਤਾਂ ਜੋ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਅਹਿਮ ਕਦਮ ਨਾਲ ਪੰਜਾਬ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ,ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
ਪੰਚਾਇਤੀ ਚੋਣਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਪਿੰਡਾਂ ‘ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਮਾਨ ਦੀ ਇਸ ਅਪੀਲ ਨੂੰ ਵਿਆਪਕ ਸਮਰਥਨ ਵੀ ਮਿਲਿਆ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ‘ਚ ਸਰਬਸੰਮਤੀ ਨਾਲ 3,037 ਸਰਪੰਚ ਚੁਣੇ ਗਏ ਹਨ । ਇਨ੍ਹਾਂ ‘ਚੋਂ ਸਭ ਤੋਂ ਵੱਧ 336 ਸਰਪੰਚ ਫ਼ਿਰੋਜ਼ਪੁਰ ਜ਼ਿਲ੍ਹੇ ‘ਚ 335 ਸਰਪੰਚ ਗੁਰਦਾਸਪੁਰ ਅਤੇ 334 ਸਰਪੰਚ (Sarpanches) ਤਰਨਤਾਰਨ ‘ਚ ਸਰਬਸੰਮਤੀ ਨਾਲ ਚੁਣੇ ਗਏ।