ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ । ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਸਿਆਸਤਦਾਨਾਂ ਨੇ ਬਾਦਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਰਾਜਨੀਤਿਕ ਨੇਤਾਵਾਂ ਵਿੱਚੋਂ ਇੱਕ ਸਨ। ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ ਦਾ ਕੈਰੀਅਰ ਮਿਸਾਲੀ ਰਿਹਾ ਅਤੇ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ । ਉਨ੍ਹਾਂ ਦਾ ਦਿਹਾਂਤ ਪੂਰਾ ਨਾ ਹੋਣ ਵਾਲਾ ਘਾਟਾ ਹੈ । ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।