ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ, 2024: ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਬੀਤੇ ਦਿਨ ਅਨਾਜ ਮੰਡੀ ਕੁਰਾਲੀ (Kurali Mandi) ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਮੰਡੀਆਂਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਦਾ ਜਾਇਜ਼ਾ ਲੈਣ ਲਈ, ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕੁਰਾਲੀ ਮੰਡੀ ਵਿੱਚ ਜਿਨ੍ਹਾਂ ਕਿਸਾਨਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਉਨ੍ਹਾਂ ਨੇ ਕਣਕ ਦੀ ਖਰੀਦ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੰਡੀ (Kurali Mandi) ਵਿੱਚ ਆਪਣੀ ਫ਼ਸਲ ਵੇਚਣ ਲਈ ਕੋਈ ਲੰਬਾ ਇੰਤਜ਼ਾਰ ਨਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਮੀਂਹ ਨੇ ਸੀਜ਼ਨ ਨੂੰ ਕੁਝ ਸਮੇਂ ਲਈ ਰੋਕਿਆ ਪਰ ਹੁਣ ਸੀਜ਼ਨ ਲਗਪਗ ਮੁਕੰਮਲ ਹੋਣ ਦੇ ਨੇੜੇ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਖਰੀਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 1,39,208 ਮੀਟਰਕ ਟਨ ਕਣਕ ਦੀ ਸੰਭਾਵਿਤ ਆਮਦ ਦੇ ਮੁਕਾਬਲੇ 1,26,100 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਆਮਦ ਦਾ 96.84 ਹਿੱਸਾ ਬਣਦਾ ਹੈ। ਇਸ ਤੋਂ ਇਲਾਵਾ 68,823 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ ਖਰੀਦ ਦਾ 64.50 ਫੀਸਦੀ ਹਿੱਸਾ ਬਣਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਕਿਸੇ ਕਿਸਮ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 237.56 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਕੁਰਾਲੀ ਮੰਡੀ ਦੀ ਖਰੀਦ ਅਤੇ ਅਦਾਇਗੀ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਇੱਥੇ ਕੁੱਲ 29041 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 28947 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਕੁਰਾਲੀ ਮੰਡੀ ਵਿੱਚੋਂ 14005 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਖਰੀਦ ਪ੍ਰਬੰਧਾਂ ਦੇ ਨਿਰਵਿਘਨ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।