ਨਗਰ ਸੁਧਾਰ ਟਰੱਸਟ ਸੰਗਰੂਰ

ਪ੍ਰੀਤਮ ਸਿੰਘ ਪੀਤੂ ਨੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਵਜੋਂ ਸਾਂਭਿਆ ਅਹੁਦਾ

ਸੰਗਰੂਰ, 27 ਮਈ, 2023: ਪੰਜਾਬ ਸਰਕਾਰ ਵੱਲੋਂ ਨਿਯੁਕਤ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਸਰਦਾਰਨੀ ਹਰਪਾਲ ਕੌਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਪ੍ਰੀਤਮ ਸਿੰਘ ਪੀਤੂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।

ਟਰੱਸਟ ਦੇ ਦਫ਼ਤਰ ਵਿਖੇ ਸਾਦਾ ਸਮਾਰੋਹ ਦੌਰਾਨ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਸ਼ਿੱਦਤ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਟਰੱਸਟ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਸ਼ਹਿਰ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰ ਦੀ ਬਿਹਤਰੀ ਲਈ ਹਰ ਸੰਭਵ ਉਪਰਾਲਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਮਲੇਰਕੋਟਲਾ ਮੁਹੰਮਦ ਜਮੀਲ-ਉਰ- ਰਹਿਮਾਨ, ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ, ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਇਨਫੋਟੈਕ ਡਾ. ਜੀ ਐਸ ਜਵੰਧਾ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਲੱਖਾ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰ ਪਾਲ ਸ਼ਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਬਰਨਾਲਾ ਗੁਰਦੀਪ ਸਿੰਘ ਬਾਠ, ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ, ਚੇਅਰਮੈਨ ਦਲਬੀਰ ਸਿੰਘ ਢਿੱਲੋਂ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਪ੍ਰੀਤਮ ਸਿੰਘ ਪੀਤੂ ਨੂੰ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਟਰੱਸਟ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣਗੇ।

Scroll to Top