June 30, 2024 10:32 pm
SGPC

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ SGPC ਸ਼ੁਰੂ ਕਰ ਸਕਦੀ ਹੈ ਨਿੱਜੀ ਚੈਨਲ

ਚੰਡੀਗੜ੍ਹ, 31 ਮਾਰਚ 2022 : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਲਾਈਵ ਗੁਰਬਾਣੀ ਕੀਰਤਨ ਜੋ ਕਿ ਲੰਬੇ ਸਮੇਂ ਤੋਂ PTC ਚੈਨਲ ‘ਤੇ ਦਿਖਾਇਆ ਜਾ ਰਿਹਾ ਹੈ, ਬਹੁਤ ਜਲਦ ਬੰਦ ਹੋਣ ਜਾ ਰਿਹਾ ਹੈ। ਕਿਉਂਕਿ SGPC ਹੁਣ ਸ੍ਰੀ ਦਰਬਾਰ ਸਾਹਿਬ ਤੋਂ ਆਪਣਾ ਨਿੱਜੀ ਚੈਨਲ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ।

ਇੱਕ ਬਾਬੂਸ਼ਾਹੀ ਰਿਪੋਰਟ ਅਨੁਸਾਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਚਲਾਉਣ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦਿਖਾਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੀਟੀਸੀ ਚੈਨਲ ਖ਼ਿਲਾਫ਼ ਆਈਆਂ ਸ਼ਿਕਾਇਤਾਂ ਅਤੇ ਈਮੇਲਾਂ ਰਾਹੀਂ ਦੇਸ਼ ਅਤੇ ਦੁਨੀਆ ਭਰ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਨਿੱਜੀ ਚੈਨਲ ਰਾਹੀਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਅਪੀਲ ਕੀਤੀ ਹੈ।

ਇਹ ਸਮਾਂ ਹੀ ਦੱਸੇਗਾ ਕਿ ਸ਼੍ਰੋਮਣੀ ਕਮੇਟੀ ਇਸ ਬਾਰੇ ਕਦੋਂ ਕੋਈ ਫੈਸਲਾ ਲਵੇਗੀ ਅਤੇ ਕਦੋਂ ਨਵਾਂ ਚੈਨਲ ਬਣਾ ਕੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰੇਗੀ।