ਚੰਡੀਗੜ੍ਹ 13 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ‘ਚ ਰੈਲੀ ਕਰਨ ਤੋਂ ਬਾਅਦ ਪਟਿਆਲਾ ਪਹੁੰਚੇ| ਇਸ ਦੌਰਾਨ ਅਮਿਤ ਸ਼ਾਹ ਨੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕੀਤਾ। ਇਸ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਮਿਤ ਸ਼ਾਹ ਦਾ ਸੁਆਗਤ ਕੀਤਾ ਗਿਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਨੌਜਵਾਨਾਂ ਦੀ ਲੋੜ ਹੈ, ਜਿਨ੍ਹਾਂ ਨਾਲ ‘ਨਵਾਂ ਪੰਜਾਬ’ ਬਣਾਇਆ ਜਾ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੇ ਹੀ ਪੰਜਾਬ ਨੂੰ ਸੰਭਾਲਣਾ ਹੈ। ਪੰਜਾਬ ਦੀ ਰਾਖੀ ਕਰਨਾ ਹਰ ਸੂਬਾ ਵਾਸੀ ਦਾ ਫ਼ਰਜ਼ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਸਿਰ ਕਰੋੜਾਂ ਦਾ ਕਰਜ਼ਾ ਹੈ ਅਤੇ ਸੂਬੇ ਨੂੰ ਕੇਂਦਰ ਦੇ ਨਾਲ ਮਿਲ ਕੇ ਹੀ ਚੱਲਣਾ ਪਵੇਗਾ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਸੂਬਾ ਅੱਗੇ ਵਧਣਾ ਚਾਹੁੰਦਾ ਹੈ ਤਾਂ ਜਦੋਂ ਤੱਕ ਕੇਂਦਰ ਅਤੇ ਸੂਬੇ ਇੱਕੋ ਰਾਹ ‘ਤੇ ਨਹੀਂ ਚੱਲਣਗੇ, ਇਹ ਗੱਲ ਸਿਰੇ ਨਹੀਂ ਚੜ੍ਹ ਸਕਦੀ। ਉਨ੍ਹਾਂ ਕਿਹਾ ਕਿ ਰਾਜਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਲਈ ਵੱਡੇ ਉਦਯੋਗਾਂ ਦੀ ਲੋੜ ਹੈ ਅਤੇ ਇਹ ਉਦਯੋਗਾਂ ਨੂੰ ਉਨ੍ਹਾਂ ਦੀ ਕੇਂਦਰ ਸਰਕਾਰ ਹੀ ਦੇ ਸਕਦੀ ਹੈ, ਇਸ ਲਈ ਰਾਜਾਂ ਅਤੇ ਕੇਂਦਰ ਦਾ ਰਿਸ਼ਤਾ ਮਜ਼ਬੂਤ ਹੋਣਾ ਚਾਹੀਦਾ ਹੈ।
ਕੈਪਟਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੋਂ ਕੁਝ ਮੰਗਿਆ ਹੈ ਤਾਂ ਉਨ੍ਹਾਂ ਨੇ ਕਦੇ ਅਜਿਹਾ ਨਹੀਂ ਕੀਤਾ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕਦੇ ਵੀ ਕਿਸੇ ਗੱਲ ਤੋਂ ਇਨਕਾਰ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਮਦਦ ਨਾਲ ਪੰਜਾਬ ਕਾਫੀ ਅੱਗੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਤਾਂ ਨੌਜਵਾਨਾਂ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ ਨਹੀਂ ਜਾਣਾ ਪਵੇਗਾ।