July 2, 2024 8:57 pm

ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ 22 ਫਰਵਰੀ 2024: ਅੱਜ ਪੰਜਾਬੀ ਯੂਨੀਵਰਸਿਟੀ (Punjabi University Patiala) ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਕਜੁਟ ਹੁੰਦਿਆਂ ਹੋਇਆਂ ਕਿਸਾਨ ਅੰਦੋਲਨ ਤੇ ਹੋਏ ਜ਼ਬਰ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਵਿਦਿਆਰਥੀਆਂ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਭਾਰਤੀ ਜਮੂਹਰੀਅਤ ਦਾ ਕਤਲ ਹੈ।

ਵੱਖ-ਵੱਖ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਆਪਣੀਆਂ ਫਸਲਾਂ ਦੇ ਵਾਜਬ ਕੀਮਤਾਂ ਲਈ ਕੀਤਾ ਜਾ ਰਿਹਾ ਅੰਦੋਲਨ ਉਨ੍ਹਾਂ ਦਾ ਜਮੂਹਰੀ ਹੱਕ ਹੈ ਅਤੇ ਦੇਸ਼ ਦੀ ਰਾਜਧਾਨੀ ਜਾ ਕੇ ਪ੍ਰਦਰਸ਼ਨ ਕਰਨ ਦਾ ਹੱਕ ਵੀ ਭਾਰਤੀ ਸੰਵਿਧਾਨ ਸਭ ਨਾਗਰਿਕਾਂ ਨੂੰ ਦਿੰਦਾ ਹੈ । ਪ੍ਰੰਤੂ ਹਕੂਮਤ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਖਨੌਰੀ ਅਤੇ ਸੰਭੂ ਬਾਰਡਰਾਂ ‘ਤੇ ਰੋਕ ਕੇ ਉਨ੍ਹਾਂ ਤੇ ਕਾਰਵਾਈ ਕੀਤੀ ਗਈ ਹੈ ਜੋ ਕਿ ਗੈਰ ਸੰਵਿਧਾਨਿਕ ਅਤੇ ਤਾਨਾਸ਼ਾਹੀ ਵਰਤਾਰਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਜ਼ਖਮੀ ਹੋਏ ਹਨ, ਅਤੇ ਉਨ੍ਹਾਂ ਦੇ ਟਰੈਕਟਰ ਅਤੇ ਹੋਰ ਮਿਸ਼ਨਰੀ ਨੂੰ ਭਾਰੀ ਨੁਕਸਾਨ ਪੰਹੁਚਾਇਆ ਗਿਆ ਹੈ । ਇਸੇ ਤਰਾਂ ਕੁੱਝ ਨੌਜਵਾਨਾਂ ਦੇ ਲਾਪਤਾ ਹੋਣ ਦੀ ਵੀ ਖਬਰ ਹੈ।

ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਸਾਰੀਆਂ ਨੀਤੀਆਂ ਕਾਰਪੋਰੇਟਾਂ ਦੇ ਹੱਕ ਵਿੱਚ ਬਣਾ ਕੇ ਅਤੇ ਆਮ ਲੋਕਾਂ ਦੇ ਵਿਰੋਧ ਵਿੱਚ ਤੇਜ਼ੀ ਨਾਲ ਨਵੇਂ ਕਾਨੂੰਮ ਲਾਗੂ ਕਰ ਰਹੀ ਹੈ l ਉਨ੍ਹਾਂ ਕਿਹਾ ਕਿ ਇਸੇ ਕੜੀ ਵਿੱਚ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਨੂੰ ਉਤਾਵਲੀ ਹੈ। ਕਿਸਾਨੀ ਖੁਦਕੁਸ਼ੀਆਂ ਦੇ ਰਾਹ ਪਈ ਹੋਈ ਹੈ। ਇਸੇ ਸੰਕਟ ਤੋਂ ਨਿਕਲਣ ਲਈ ਦੇਸ਼ ਧੰਦੇ ਕਿਸਾਨ ਅੰਦੋਲਨ ਕਰ ਰਹੇ ਹਨ।

ਉਨ੍ਹਾਂ ਕਿਹਾ ਲਗਾਤਾਰ ਲੋਕਾਂ ਦੇ ਜਮੂਹਰੀ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ, ਹੁਣ ਤਾਂ ਹਾਲਤ ਇਥੋਂ ਤੱਕ ਪਹੁੰਚ ਗਏ ਹਨ ਕਿ ਸਰਕਾਰ ਯੂਨੀਅਨ ਬਣਾਉਣ ਅਤੇ ਅੰਦੋਲਨ ਕਰਨ ਦਾ ਹੱਕ ਵੀ ਖੋਹਣ ਲੱਗੀ ਹੈ l ਵਿਦਿਆਰਥੀ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕੇ ਕਿਸਾਨ ਅੰਦੋਲਨ ਦੇ ਪੱਖ ਵਿੱਚ ਅਤੇ ਸਰਕਾਰ ਦੇ ਜ਼ਬਰ ਵਿਰੁੱਧ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੱਧ ਤੋਂ ਵੱਧ ਸਮਰਥਨ ਦਿੱਤਾ ਜਾਵੇਗਾ । ਪ੍ਰਦਰਸ਼ਨ ਪੰਜਾਬ ਸਟੂਡੈਂਟਸ ਯੂਨੀਅਨ (Punjabi University Patiala) ਵਲੋਂ ਅਮਨਦੀਪ ਸਿੰਘ ਖਿਉਵਾਲੀ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ, ਪ੍ਰਿਤਪਾਲ, ਪੰਜਾਬ ਰੇਡੀਕਲ ਸਟੂਡੈਂਟਸ ਯੂਨੀਅਨ ਵਲੋਂ ਰਸ਼ਪਿੰਦਰ ਜਿੰਮੀ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਹਰਪ੍ਰੀਤ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਵਲੋਂ ਅਮ੍ਰਿਤਪਾਲ ਸਿੰਘ, ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਗਗਨਦੀਪ, ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਹੁਸ਼ਿਆਰ ਸਲੇਮਗੜ ਆਦਿ ਬੁਲਾਰੀਆਂ ਨੇ ਸੰਬੋਧਨ ਕੀਤਾl