Site icon TheUnmute.com

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮਾਰਚ

Punjab State Ministerial Services Uni

ਮੋਹਾਲੀ, 28 ਅਪ੍ਰੈਲ 2023: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (Punjab State Ministerial Services Union) ਨੇ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਸ਼ੁੱਕਰਵਾਰ ਨੂੰ ਮੋਹਾਲੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀਸੀ ਦਫ਼ਤਰ ਦੇ ਬਾਹਰ ਗੇਟ ਰੈਲੀ ਕੀਤੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਸਬੰਧੀ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਮੁਲਾਜ਼ਮ ਵਰਗ ਨੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ਲੈਣ ਦੀ ਚਿਤਾਵਨੀ ਵੀ ਦਿੱਤੀ, ਜਿਸ ਵਿੱਚ ਲੋੜ ਪੈਣ ’ਤੇ ਕਲਮ ਛੋੜ ਹੜਤਾਲ ਦੇ ਨਾਲ-ਨਾਲ ਵਿਸ਼ਾਲ ਰੋਸ ਪ੍ਰਦਰਸ਼ਨ ਵੀ ਸ਼ੁਰੂ ਕੀਤਾ ਜਾਵੇਗਾ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਪੀ.ਐਸ.ਐਮ.ਐਸ.ਐਸ.ਯੂ. ਦੀ ਬੀਤੇ ਦਿਨ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਜਲੰਧਰ ਚੋਣਾਂ ਦੇ ਮੱਦੇਨਜ਼ਰ ‘ਆਪ’ ਸਰਕਾਰ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ। ਜਿਸ ਅਨੁਸਾਰ ਮਿਤੀ 28-4-2023 ਨੂੰ ਜ਼ਿਲ੍ਹਾ ਪੱਧਰ ‘ਤੇ ਰੋਸ ਰੈਲੀਆਂ ਕਰਨ ਤੋਂ ਬਾਅਦ ਪੰਜਾਬ ਦੇ ਸਮੂਹ ਜ਼ਿਲ੍ਹਾ ਪੱਧਰੀ ਮੁਲਾਜ਼ਮ 4-ਮਈ ਨੂੰ ਜਨਤਕ ਛੁੱਟੀ ਕਰਕੇ ਜਲੰਧਰ ਆਉਣਗੇ ਅਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜਲੰਧਰ ਵਿਖੇ ਰੋਸ਼ ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਣ ਦਾ ਫੈਸਲਾ ਕੀਤਾ ਗਿਆ ਹੈ । ਦੂਜੇ ਪਾਸੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਇੱਕ ਮੁਲਾਜ਼ਮ ਪ੍ਰਤੀ ਵਰਤੀ ਗਈ ਭੱਦੀ ਭਾਸ਼ਾ ਦਾ ਵੀ ਵਿਰੋਧ ਕੀਤਾ ਗਿਆ ਹੈ।

ਇਸ ਸਬੰਧੀ ਡੀਸੀ ਦਫ਼ਤਰ ਦੇ ਚੇਅਰਮੈਨ ਗੁਰਮੁੱਖ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੱਤਾ ‘ਚ ਆਉਣ ਤੋਂ ਬਾਅਦ ਪੇ-ਕਮਿਸ਼ਨ ਜਾਂਚ ਕਰੇਗੀ ਅਤੇ ਸਭ ਤੋਂ ਵੱਡਾ ਮੁੱਦਾ ਪੈਨਸ਼ਨਰਾਂ ਦੀਆਂ ਪੁਰਾਣੀਆਂ ਪੈਨਸ਼ਨਾਂ ਬਹਾਲ ਕਰਵਾਉਣ ਦਾ ਹੋਵੇਗਾ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਸਰਕਾਰ ਨੇ ਪੈਨਸ਼ਨ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵਿੱਚ ਟਾਲ-ਮਟੋਲ ਕਰ ਰਹੀ ਹੈ |

Exit mobile version