July 4, 2024 9:37 pm
Amritsar

ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਅੰਮ੍ਰਿਤਸਰ ਗੋਲਡਨ ਗੇਟ ‘ਤੇ ਕਿਸਾਨ ਜਥੇਬੰਦੀਆਂ ਦਾ ਰੋਸ਼ ਪ੍ਰਦਰਸ਼ਨ

ਅੰਮ੍ਰਿਤਸਰ 08 ਅਗਸਤ 2022: ਅੰਮ੍ਰਿਤਸਰ (Amritsar) ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ | ਇਸ ਦੌਰਾਨ ਹੈ ਕਿਸਾਨ ਜਥੇਬੰਦੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਵਾਰ ਫੇਰ ਕੇਂਦਰ ਸਰਕਾਰ ਬਿਜਲੀ ਬਿੱਲ 2020 ਨੂੰ ਲਾਗੂ ਕਰਨ ਦੀ ਤਿਆਰੀ ਵਿੱਚ ਹੈ ਜਿਸਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ |

ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਬਿੱਲ 2020 ਲਾਗੂ ਹੁੰਦਾ ਹੈ ਤਾਂ, ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਤੁਰੰਤ ਵਿਧਾਨ ਸਭਾ ਸੈਸ਼ਨ ਸੱਦ ਕੇ ਇਨ੍ਹਾਂ ਬਿਲਾਂ ਦੇ ਖ਼ਿਲਾਫ਼ ਮਤਾ ਪਾਉਣਾ ਚਾਹੀਦਾ ਹੈ | ਇਸਦੇ ਨਾਲ ਹੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅਗਰ ਬਿਜਲੀ ਬਿੱਲ 2020 ਪਾਸ ਹੁੰਦੇ ਹਨ ਤਾਂ ਇਸ ਦੇ ਨਾਲ ਮਜ਼ਦੂਰਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਸੂਬਾ ਸਰਕਾਰ ਆਪਣੇ ਸੂਬੇ ਦੇ ਲੋਕਾਂ ਨੂੰ ਬਿਜਲੀ ਨੂੰ ਲੈ ਕੇ ਕੋਈ ਰਾਹਤ ਨਹੀਂ ਦੇ ਸਕਦੀ |

ਉਨ੍ਹਾਂ ਨੇ ਕਿਹਾ ਕਿ ਬਿਜਲੀ ਫਿਰ ਪ੍ਰਾਈਵੇਟ ਅਦਾਰਿਆਂ ਦੇ ਕੋਲ ਚਲੀ ਜਾਵੇਗੀ ਅਤੇ ਪ੍ਰਾਈਵੇਟ ਕੰਪਨੀਆਂ ਆਪਣੇ ਹੀ ਹਿਸਾਬ ਨਾਲ ਬਿਜਲੀ ਦੇ ਰੇਟ ਤੈਅ ਕਰਨਗੇ ਜਿਸ ਦਾ ਕਿ ਅਸੀਂ ਵਿਰੋਧ ਕਰ ਰਹੇ ਹਾਂ | ਇਸਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਗਰ ਵਿਰੋਧੀ ਧਿਰ ਚਾਹੁਣ ਤਾਂ ਸੰਸਦ ਵਿਚ ਆਵਾਜ਼ ਬੁਲੰਦ ਕਰ ਕੇ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਸਕਦਾ ਹੈ, ਤਾਂ ਜੋ ਇਹ ਬਿੱਲ ਪਾਸ ਨਹੀਂ ਹੋਣ | ਉਨ੍ਹਾਂ ਨੇ ਕਿਹਾ ਕਿ ਅਗਰ ਸੰਸਦ ਵਿੱਚ ਅੱਜ ਬਿਜਲੀ ਬਿਲ 2020 ਪਾਸ ਹੁੰਦੇ ਹਨ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਲਾਈਨਾਂ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ |

ਇੱਥੇ ਜ਼ਿਕਰਯੋਗ ਹੈ ਕਿ ਬਿਜਲੀ ਸੋਧ ਬਿੱਲ 2022 ‘ਤੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਕੇਂਦਰ ਸਰਕਾਰ (Central Government) ਬਿਜਲੀ ਸੋਧ ਬਿੱਲ ਸੰਸਦ (Electricity Amendment Bill Parliament) ’ਚ ਪੇਸ਼ ਕਰਨ ਦੀ ਤਿਆਰੀ ‘ਚ ਹੈ | ਦੱਸਿਆ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਨਹੀਂ ਕੀਤਾ ।