ਚੰਡੀਗੜ੍ਹ, 21 ਅਕਤੂਬਰ 2024: ਪੰਜਾਬ ਕੈਬਨਿਟ ਸਬ-ਕਮੇਟੀ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਕਿਸੇ ਵੀ ਕਰਮਚਾਰੀ ਵੱਲੋਂ ਲੋੜੀਂਦੀ ਸੁਰੱਖਿਆ ਕਿੱਟ ਤੋਂ ਬਿਨਾਂ ਕੋਈ ਖਤਰਨਾਕ ਕੰਮ ਨਾ ਕੀਤਾ ਜਾਵੇ | ਇਹ ਹੁਕਮ ਪੰਜਾਬ ਕੈਬਨਿਟ ਸਬ-ਕਮੇਟੀ ਦੇ ਮੈਂਬਰ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਬੈਠਕ ਦੌਰਾਨ ਇਹ ਹਦਾਇਤਾਂ ਦਿੱਤੀਆਂ ਹਨ ।
ਇਸ ਬੈਠਕ ‘ਚ ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਰਾਹੁਲ ਤਿਵਾੜੀ, ਵਿੱਤ ਸਕੱਤਰ ਬਸੰਤ ਗਰਗ, ਪੀ.ਐਸ.ਪੀ.ਸੀ.ਐਲ. (PSPCL) ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟਰੀਬਿਊਸ਼ਨ ਡੀ.ਪੀ.ਐਸ. ਗਰੇਵਾਲ ਹਾਜ਼ਰ ਸਨ।
ਇਸ ਦੌਰਾਨ ਕਮੇਟੀ ਨੇ ਯੂਨੀਅਨ ਵੱਲੋਂ ਆਪਣੇ ਮੰਗ ਪੱਤਰ ਵਿੱਚ ਪੇਸ਼ ਕੀਤੀਆਂ ਮੰਗਾਂ ਸਬੰਧੀ ਚਰਚਾ ਕੀਤੀ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ । ਕੈਬਨਿਟ ਸਬ-ਕਮੇਟੀ ਨੇ ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ।
ਇਸਦੇ ਨਾਲ ਹੀ ਮਿਡ-ਡੇ-ਮੀਲ ਯੂਨੀਅਨ ਨਾਲ ਬੈਠਕ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਨੇ ਕੈਬਨਿਟ ਸਬ-ਕਮੇਟੀ ਨੂੰ ਦੱਸਿਆ ਕਿ ਮਿਡ-ਡੇ-ਮੀਲ ਵਰਕਰਾਂ ਲਈ ਬੀਮਾ ਯੋਜਨਾ ਪ੍ਰਕਿਰਿਆ ਅਧੀਨ ਹੈ।
ਪ੍ਰਸਤਾਵਿਤ ਯੋਜਨਾ ਦੇ ਤਹਿਤ ਮਿਡ-ਡੇ-ਮੀਲ ਵਰਕਰਾਂ ਨੂੰ ਦੁਰਘਟਨਾ ਕਾਰਨ ਮੌਤ ਹੋਣ ‘ਤੇ 16 ਲੱਖ ਰੁਪਏ, ਕੁਦਰਤੀ ਮੌਤ ਹੋਣ ‘ਤੇ 1 ਲੱਖ ਰੁਪਏ ਅਤੇ ਜੀਵਨ ਸਾਥੀ ਦੀ ਮੌਤ ਹੋਣ ‘ਤੇ 2 ਲੱਖ ਰੁਪਏ ਦਾ ਬੀਮਾ ਦਿੱਤੇ ਜਾਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂਦੀਆਂ ਹੋਰ ਮੰਗਾਂ ਨੂੰ ਵੀ ਛੇਤੀ ਹੱਲ ਕੀਤਾ ਜਾਵੇਗਾ।
ਕੈਬਨਿਟ ਸਬ-ਕਮੇਟੀ ਨੇ ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ’ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ‘ਤੇ ਕੰਮ ਕਰ ਰਹੀ ਹੈ। ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਆਪਣੇ ਮੁਲਾਜ਼ਮਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।