ਚੰਡੀਗੜ੍ਹ, 13 ਸਤੰਬਰ 2024: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਤੋਂ ਖੋਲ੍ਹ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਸੀ.ਆਰ.ਐਮ. ਮਸ਼ੀਨਰੀ (CRM machines) ਦੀ ਖਰੀਦ ਲਈ ਆਪਣੀਆਂ ਅਰਜ਼ੀਆਂ 19 ਸਤੰਬਰ 2024 ਸ਼ਾਮ 5 ਵਜੇ ਤੱਕ agrimachinerypb.com ‘ਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਮਸ਼ੀਨਰੀ ‘ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ |
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਉਣੀ ਸੀਜ਼ਨ 2024-25 ਦੌਰਾਨ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਮਿਲੀਆਂ ਹਨ | ਇਸਦੇ ਨਾਲ ਹੀ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕੀਤੇ ਹਨ ਅਤੇ ਸੂਬੇ ਦੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਹਨ।
ਪੰਜਾਬ ਸਰਕਾਰ ਮੁਤਾਬਕ ਸੀ.ਆਰ.ਐਮ. ਮਸ਼ੀਨਾਂ (CRM machines) ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ |