Budget

ਕੇਂਦਰੀ ਬਜਟ ‘ਚ ਪੰਜਾਬ ਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 23 ਜੁਲਾਈ 2024: ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ (Budget) ‘ਤੇ ਨਿਰਾਸ਼ਾ ਜ਼ਾਹਿਰ ਕੀਤੀ ਹੈ | ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰੀ ਬਜਟ ‘ਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ |

ਉਨ੍ਹਾਂ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਬਜਟ ਮਹਿਜ਼ ਰਸਮੀ ਕਾਰਵਾਈ ਦੱਸਿਆ ਹੈ | ਉਨ੍ਹਾਂ ਕਿਹਾ ਇਹ ਦਸਤਾਵੇਜ਼ ਕਿਸੇ ਵੀ ਪੱਖ ਤੋਂ ਸਾਕਾਰਾਤਮਕ ਉਪਾਵਾਂ ਦਾ ਧਾਰਕ ਨਹੀਂ ਦਿਸਦਾ। ਉਨ੍ਹਾਂ ਨੇ ਸਵਾਲ ਕੀਤਾ ਕਿ ਦੂਜੇ ਸੂਬਿਆਂ ਨੂੰ ਵਿੱਤੀ ਪੈਕੇਜ ਦੇ ਕੇ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਨੂੰ ਦਰਕਿਨਾਰ ਕਿਉਂ ਕੀਤਾ ਹੈ ? ਉਨ੍ਹਾਂ ਕਿਹਾ ਪੰਜਾਬ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਹਰੀ ਕ੍ਰਾਂਤੀ ਰਾਹੀਂ ਦੇਸ਼ ਦਾ ਢਿੱਡ ਭਰਿਆ ਸੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿੱਤ ਮੰਤਰੀ ਨੇ ਪਿਛਲੇ 10 ਸਾਲਾਂ ‘ਚ ਕੀਮਤਾਂ ‘ਚ ਹੋਏ ਵਾਧੇ ਦੇ ਬੋਝ ਨੂੰ ਘਟਾਉਣ ਲਈ ਕੋਈ ਉਪਾਅ ਨਹੀਂ ਕੀਤੇ। ਉਨ੍ਹਾਂ ਕਿਹਾ ਇਹ ਸ਼ਾਸਨ ਸਿਰਫ ਕਾਰਪੋਰੇਟ ਖੇਤਰਾਂ ਨੂੰ ਲਾਭ ਦੇਣ ’ਤੇ ਕੇਂਦ੍ਰਿਤ ਕੀਤਾ ਹੈ |

Scroll to Top