Dr. S. Karuna Raju

ਪੰਜਾਬ ਵਿਧਾਨ ਸਭਾ ਚੋਣਾਂ 2022: ਤੀਸਰੇ ਦਿਨ ਦਾਖ਼ਲ ਹੋਈਆਂ 176 ਨਾਮਜ਼ਦਗੀਆਂ

ਚੰਡੀਗੜ੍ਹ 28 ਜਨਵਰੀ2022 :ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਤੀਸਰੇ ਦਿਨ ਸੂਬੇ ਵਿੱਚ ਸਿਰਫ਼ 176 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।ਨਾਮਜ਼ਦਗੀ ਦੇ ਪਹਿਲੇ ਅਤੇ ਦੂਜੇ ਦਿਨ 126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ। ਡਾ.ਰਾਜੂ ਨੇ ਕਿਹਾ ਕਿ ਮਿਤੀ 29 ਜਨਵਰੀ 2022 ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

Scroll to Top