Site icon TheUnmute.com

ਪੰਜਾਬ ਵਿਧਾਨ ਸਭਾ ਚੋਣਾਂ 2022 : CM ਚੰਨੀ ਨੇ ਸੂਬੇ ਦੇ ਲੋਕਾਂ ਲਈ ਕੀਤੇ ਅਹਿਮ ਐਲਾਨ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 14 ਫਰਵਰੀ 2022 : ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਵਾਲੇ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਇੱਕ ਵਾਰ ਫਿਰ ਵੱਡੇ ਐਲਾਨ ਕੀਤੇ ਹਨ। ਚੰਨੀ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਦੀ ਸੇਵਾ ਕਰਨ ਲਈ ਸਿਰਫ਼ 3 ਮਹੀਨੇ ਮਿਲੇ ਹਨ, ਜੇਕਰ ਉਨ੍ਹਾਂ ਨੂੰ 5 ਸਾਲ ਮਿਲ ਜਾਂਦੇ ਤਾਂ ਉਹ ਪੰਜਾਬ ਦੀ ਨੁਹਾਰ ਬਦਲ ਦੇਣਗੇ। ਚੰਨੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਾਏ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਵਿੱਚ ਆ ਕੇ ਸਿਰਫ਼ ਝੂਠ ਬੋਲਦੇ ਹਨ ਅਤੇ ਉਨ੍ਹਾਂ ਦਾ ਮਨੋਰਥ ਸਿਰਫ਼ ਪੰਜਾਬ ਨੂੰ ਲੁੱਟਣਾ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ  ਬਦਲਾਅ ਦੀਆਂ ਗੱਲਾਂ ਕਰਦੀਆਂ ਹਨ ਪਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਉਮੀਦਵਾਰਾਂ ’ਤੇ ਪਰਚੇ ਦਰਜ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਦੇ ਕਰੀਬ 60 ਉਮੀਦਵਾਰਾਂ ਖਿਲਾਫ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਆਮ ਆਦਮੀ ਪਾਰਟੀ ਇਸ ਮਾਮਲੇ ‘ਚ ਦੂਜੇ ਨੰਬਰ ‘ਤੇ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਕਈ ਉਮੀਦਵਾਰ ਦੂਜੀਆਂ ਪਾਰਟੀਆਂ ਤੋਂ ਆਏ ਹਨ। ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਘੱਟ ਪੜ੍ਹਿਆ ਲਿਖਿਆ ਹੈ, ਜਿਸ ਦਾ ਫਾਇਦਾ ਅਰਵਿੰਦ ਕੇਜਰੀਵਾਲ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ  ਦੀ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਨੂੰ ਪਹਿਲੇ ਸਾਲ ਵਿੱਚ 1 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਲਈ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਐਸ.ਸੀ ਵਿਦਿਆਰਥੀਆਂ ਲਈ ਵਜ਼ੀਫ਼ਾ ਮੁੜ ਸ਼ੁਰੂ ਕੀਤਾ ਜਾਵੇਗਾ, ਇਸ ਦੇ ਨਾਲ ਹੀ ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਵੀ ਲਿਆਂਦੀ ਜਾਵੇਗੀ। ਪੰਜਾਬ ਵਿੱਚ ਫੀਸ ਰੈਗੂਲੇਸ਼ਨ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ।

Exit mobile version