ਚੰਡੀਗੜ੍ਹ, 20 ਨਵੰਬਰ 2024: Punjab By-elections 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਸੁਵੇਰ 7 ਵਜੇ ਤੋਂ ਬਰਨਾਲਾ, ਡੇਰਾ ਬਾਬਾ ਨਾਨਕ (Dera Baba Nanak), ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟ ‘ਤੇ ਵੋਟਿੰਗ ਚੱਲ ਰਹੀ ਹੈ |
ਚੋਣ ਕਮਿਸ਼ਨ ਦੇ ਮੁਤਾਬਕ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਦੁਪਹਿਰ 3.30 ਵਜੇ ਤੱਕ 49.61 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ | ਇਨ੍ਹਾਂ ‘ਚ ਗਿੱਦੜਬਾਹਾ ਵਿਧਾਨ ਸਭਾ ਸੀਟ ‘ਤੇ 65.8 ਫੀਸਦੀ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ‘ਤੇ 52.20 ਫੀਸਦੀ, ਬਰਨਾਲਾ ਵਿਧਾਨ ਸਭਾ ਸੀਟ ‘ਤੇ 40 ਫੀਸਦੀ ਅਤੇ ਚੱਬੇਵਾਲ ਵਿਧਾਨ ਸਭਾ ਸੀਟ ‘ਤੇ 40.25 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ | ਬਰਨਾਲਾ ‘ਚ ਹੁਣ ਤੱਕ ਸਭ ਤੋਂ ਘੱਟ ਮਤਦਾਨ ਹੋਇਆ ਹੈ |
ਇਸ ਦੌਰਾਨ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਹਲਕਾ ਵਾਸੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਗਭਗ ਸਾਰੇ ਬੂਥਾਂ ‘ਤੇ ਔਸਤਨ 50 ਫੀਸਦੀ ਤੋਂ ਵੱਧ ਵੋਟਿੰਗ ਹੋਈ ਹੈ।
ਦੂਜੇ ਪਾਸੇ ਡੇਰਾ ਬਾਬਾ ਨਾਨਕ ‘ਚ ਵੋਟਿੰਗ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਸਮਰਥਕਾਂ ‘ਚ ਝੜੱਪ ਦੀ ਖ਼ਬਰ ਸਾਹਮਣੇ ਆਈ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕੀਤਾ | ਸਥਿਤੀ ਨੂੰ ਦੇਖਦੇ ਹੋਏ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ | ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਗੁੰਡਾਗਰਦੀ ਕਰ ਰਹੀ ਹੈ।