ਮਾਈਨਿੰਗ ਨੀਤੀ

ਵਾਜਬ ਦਰਾਂ ‘ਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਪੰਜਾਬ ਕੈਬਨਿਟ ਵੱਲੋਂ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ‘ਚ ਸੋਧ

ਚੰਡੀਗੜ੍ਹ 11 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਵੀਰਵਾਰ ਨੂੰ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ, 2021 ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਰੇਤ ਤੇ ਬੱਜਰੀ ਨੀਤੀ ਤਰਕਸੰਗਤ ਬਣੇਗੀ। ਇਸ ਨਾਲ ਜਿੱਥੇ ਇਕ ਪਾਸੇ ਖਪਤਕਾਰਾਂ ਨੂੰ ਰਾਹਤ ਮਿਲੇਗੀ, ਉਥੇ ਦੂਜੇ ਪਾਸੇ ਸੂਬੇ ਦਾ ਮਾਲੀਆ ਵੀ ਵਧੇਗਾ। ਇਸ ਨੀਤੀ ਅਨੁਸਾਰ 2.40 ਰੁਪਏ ਪ੍ਰਤੀ ਘਣ ਫੁੱਟ ਦੀ ਰਾਇਲਟੀ ਨੂੰ ਪਹਿਲਾਂ ਜਿੰਨਾ ਹੀ ਰੱਖਿਆ ਜਾਵੇਗਾ। ਸੂਚਨਾ ਤਕਨਾਲੋਜੀ ਅਤੇ ਵਜ਼ਨ ਬ੍ਰਿਜ ਹੈੱਡ ਅਧੀਨ ਮਾਲੀਆ, ਜੋ 10 ਪੈਸੇ ਪ੍ਰਤੀ ਘਣ ਫੁੱਟ ਹੈ, ਵੀ ਸੂਬੇ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਹੋਵੇਗਾ, ਜਦੋਂ ਕਿ ਮੌਜੂਦਾ ਸਮੇਂ ਇਹ ਠੇਕੇਦਾਰ ਕੋਲ ਹੀ ਰਹਿੰਦਾ ਸੀ।

ਵਿਭਾਗ, ਵਜ਼ਨ ਬ੍ਰਿਜ ਉਤੇ ਠੇਕੇਦਾਰ ਵੱਲੋਂ ਉਠਾਏ ਗਏ ਬਿੱਲਾਂ ਦੀ ਅਦਾਇਗੀ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਕਰੇਗਾ। ਇਸ ਨਾਲ ਵਿਭਾਗ ਨੂੰ ਵਜ਼ਨ ਬ੍ਰਿਜ ਦੇ ਸਮੁੱਚੇ ਕਾਰਜਾਂ ਨੂੰ ਕੰਪਿਊਟਰਾਈਜ਼ ਕਰਨ ਵਿੱਚ ਸਹੂਲਤ ਮਿਲੇਗੀ ਅਤੇ ਇਸ ਨਾਲ ਗੈਰ ਕਾਨੂੰਨੀ ਮਾਈਨਿੰਗ ਦਾ ਦਾਇਰਾ ਹੋਰ ਘਟੇਗਾ। ਖਪਤਕਾਰਾਂ ਉਤੇ ਵੱਡਾ ਬੋਝ ਢੋਆ-ਢੁਆਈ ਦਾ ਪੈਣ ਕਾਰਨ ਵਿਭਾਗ ਟਰਾਂਸਪੋਰਟਰਾਂ ਅਤੇ ਖਪਤਕਾਰਾਂ ਨੂੰ ਆਪਸ ਵਿੱਚ ਜੋੜਨ ਲਈ ਮੋਬਾਈਲ ਐਪ ਤਿਆਰ ਕਰੇਗਾ ਅਤੇ ਢੋਆ-ਢੁਆਈ ਦੀਆਂ ਦਰਾਂ ਵਿਭਾਗ ਵੱਲੋਂ ਤੈਅ ਕੀਤੀਆਂ ਜਾਣਗੀਆਂ।

ਮੌਜੂਦਾ ਸਮੇਂ ਲਾਗੂ ਕੇ-2 ਪਰਮਿਟ ਦੀ ਥਾਂ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਵਾਲੀ ਅਥਾਰਟੀ ਵੱਲੋਂ ਜਿਨ੍ਹਾਂ ਥਾਵਾਂ ਉਤੇ ਬੇਸਮੈਂਟ ਦਾ ਨਿਰਮਾਣ ਤਜਵੀਜ਼ਤ ਹੈ, ਲਈ ਪੰਜ ਰੁਪਏ ਪ੍ਰਤੀ ਵਰਗ ਫੁੱਟ ਦਾ ਸਰਚਾਰਜ ਵਸੂਲਿਆ ਜਾਵੇਗਾ। ਇਹ ਪੈਸਾ ਸਥਾਨਕ ਸੰਸਥਾਵਾਂ/ਟਾਊਨ ਪਲਾਨਿੰਗ ਅਥਾਰਟੀਆਂ ਵੱਲੋਂ ਇਕੱਤਰ ਕੀਤਾ ਜਾਵੇਗਾ ਅਤੇ ਇਸ ਨੂੰ ਵਿਭਾਗ ਦੇ ਸਬੰਧਤ ਹੈੱਡ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ।

ਇਹ ਸਰਚਾਰਜ ਕਿਸੇ ਵੀ ਆਕਾਰ ਦੇ ਰਿਹਾਇਸ਼ੀ ਘਰਾਂ ਜਾਂ ਕਿਸੇ ਹੋਰ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਦੇ ਆਕਾਰ ਉਤੇ ਪ੍ਰਸਤਾਵਿਤ ਇਮਾਰਤ ਲਈ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇੱਟ ਭੱਠਿਆਂ ਨੂੰ ਛੱਡ ਕੇ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤੋਂ ਵਾਸਤੇ ਸਾਧਾਰਨ ਮਿੱਟੀ ਦੀ ਰਾਇਲਟੀ ਦਰ 10 ਰੁਪਏ ਪ੍ਰਤੀ ਟਨ ਰੱਖੀ ਗਈ ਹੈ।

Scroll to Top