Punjab Budget Session

Punjab Budget Session: ਪੰਜਾਬ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ 2025: ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਬੁਲਾਉਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।
ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਕੈਬਨਿਟ ਬੈਠਕ ਦੌਰਾਨ ਲਿਆ।

ਮੰਤਰੀ ਮੰਡਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੈਸ਼ਨ ਬੁਲਾਉਣ ਦੀ ਸਿਫ਼ਾਰਸ਼ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ, ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਵਿਧਾਨ ਸਭਾ ਬੁਲਾਉਣ ਲਈ ਅਧਿਕਾਰਤ ਹਨ | ਸੈਸ਼ਨ ਦੌਰਾਨ ਪੰਜਾਬ ਰਾਜਪਾਲ ਦਾ ਭਾਸ਼ਣ 25 ਮਾਰਚ ਨੂੰ ਹੋਵੇਗਾ, ਜਿਸ ਤੋਂ ਬਾਅਦ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਲਈ ਆਮ ਬਜਟ ਪੇਸ਼ ਕਰਨਗੇ, ਜਿਸ ਤੋਂ ਬਾਅਦ ਬਜਟ ‘ਤੇ ਚਰਚਾ ਕੀਤੀ ਜਾਵੇਗੀ।

ਕਾਲਜ ਦੇ ਵਿਦਿਆਰਥੀਆਂ ਲਈ ‘ਅੰਗਰੇਜ਼ੀ ਫਾਰ ਵਰਕ’ ਕੋਰਸ

ਪੰਜਾਬ ਮੰਤਰੀ ਮੰਡਲ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਨੂੰ ਬਿਹਤਰ ਬਣਾਉਣ ਅਤੇ ਭਵਿੱਖ ‘ਚ ਉਨ੍ਹਾਂ ਨੂੰ ਵਧੇਰੇ ਰੁਜ਼ਗਾਰ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਕੀਤੇ ਸਮਝੌਤਾ ਪੱਤਰ (ਐਮਓਯੂ) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੌਕਿਊਰਮੈਂਟ ਐਕਟ, 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ।

ਇਸ ਐਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ‘ਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ‘ਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ‘ਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।

ਪੰਜਾਬ ‘ਚ ਖੁੱਲ੍ਹਣਗੇ 40 ਹੁਨਰ ਸਿੱਖਿਆ ਸਕੂਲ

ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ, ਮੰਤਰੀ ਮੰਡਲ ਨੇ ਪੰਜਾਬ ਭਰ ‘ਚ 40 ਹੁਨਰ ਸਿੱਖਿਆ ਸਕੂਲ ( (ਸਕੂਲ ਆਫ਼ ਅਪਲਾਇਡ ਲਰਨਿੰਗ) ਖੋਲ੍ਹਣ ਨੂੰ ਪ੍ਰਵਾਨਗੀ ਦਿੱਤੀ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਖੁੱਲ੍ਹਣਗੇ।

ਇਸ ਫੈਸਲੇ ਅਨੁਸਾਰ, ਸੂਬੇ ‘ਚ ਲਗਭਗ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੋਲ੍ਹੇ ਜਾਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ, ਡਿਜੀਟਲ ਡਿਜ਼ਾਈਨ ਅਤੇ ਵਿਕਾਸ, ਬਿਊਟੀ ਅਤੇ ਵੈਲਨੈੱਸ ਅਤੇ ਸਿਹਤ ਸੰਭਾਲ ਵਿਗਿਆਨ ਅਤੇ ਸੇਵਾਵਾਂ ਦੇ ਖੇਤਰਾਂ ‘ਚ ਸਿਖਲਾਈ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਫੰਕਸ਼ਨਲ ਇੰਗਲਿਸ਼, ਕਰੀਅਰ ਫਾਊਂਡੇਸ਼ਨ (ਪੇਸ਼ੇਵਰਤਾ, ਸੀਵੀ ਬਿਲਡਿੰਗ, ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ‘ਚ ਤਕਨਾਲੋਜੀ (ਈ-ਮੇਲ ਲਿਖਣਾ, ਕੰਮ ਦੀਆਂ ਯੋਜਨਾਵਾਂ ਬਣਾਉਣਾ ਅਤੇ ਡਿਜੀਟਲ ਟੂਲਸ ਦੀ ਵਰਤੋਂ) ਨਾਲ ਸਬੰਧਤ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਮੰਤਰੀ ਮੰਡਲ ਨੇ 2022-23 ਅਤੇ 2023-24 ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਨ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ।

Read More: ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਪੜ੍ਹਿਆ ਗਿਆ ਵਿਧਾਇਕ ਦੀ ਮਾਤਾ ਦੇ ਸਨਮਾਨ ‘ਚ ਸ਼ੋਕ ਪ੍ਰਸਤਾਵ

Scroll to Top