ਜਲੰਧਰ,17 ਮਈ 2023: ਜਲੰਧਰ ਵਿਖੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਇਸਦੇ ਨਾਲ ਹੀ ਕਰ ਤੇ ਆਬਕਾਰੀ ਮਹਿਕਮੇ (Tax and Excise Department) ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵਿਭਾਗ ਵਿੱਚ ਐਸ.ਏ.ਐਸ. ਕਾਡਰ ਦੀਆਂ 18 ਆਸਾਮੀਆਂ ਸਿਰਜਣ ਦੀ ਮਨਜ਼ੂਰੀ ਦੇ ਦਿੱਤੀ।
ਵਿਭਾਗ ਦਾ ਮੁੱਖ ਕਾਰਜ ਜੀ.ਐਸ.ਟੀ., ਵੈਟ, ਐਕਸਾਈਜ਼ ਤੇ ਹੋਰ ਟੈਕਸ ਇਕੱਤਰ ਕਰਨਾ ਹੈ। ਵਿਭਾਗ ਸਾਲਾਨਾ ਅੰਦਾਜ਼ਨ 30 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਤਰ ਕਰਦਾ ਹੈ ਪਰ ਜੀ.ਐਸ.ਟੀ. ਲਾਗੂ ਹੋਣ ਮਗਰੋਂ ਵਿਭਾਗ ਨੂੰ ਦੋ ਕਮਿਸ਼ਨਰੇਟ, ਪੰਜਾਬ ਟੈਕਸੇਸ਼ਨ ਕਮਿਸ਼ਨਰੇਟ ਅਤੇ ਪੰਜਾਬ ਐਕਸਾਈਜ਼ ਕਮਿਸ਼ਨਰੇਟ ਵਿੱਚ ਵੰਡ ਦਿੱਤਾ ਗਿਆ ਹੈ। ਵਿਭਾਗ ਦੇ ਲੇਖੇ-ਜੋਖੇ ਨਾਲ ਸਬੰਧਤ ਕੰਮਕਾਜ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਐਸ.ਏ.ਐਸ. ਕਾਡਰ ਦੀਆਂ ਆਸਾਮੀਆਂ ਸਿਰਜੀਆਂ ਗਈਆਂ ਹਨ।
ਐਸ.ਏ.ਐਸ. ਕਾਡਰ ਦੀਆਂ 18 ਨਵੀਆਂ ਆਸਾਮੀਆਂ ਸਿਰਜਣ ਦੇ ਫੈਸਲੇ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਤੇ ਮਾਲੀਆ ਉਗਰਾਹੀ ਨੂੰ ਹੋਰ ਕੁਸ਼ਲ ਬਣਾਉਣ ਵਿੱਚ ਮਦਦ ਮਿਲੇਗੀ। ਇਸ ਫੈਸਲੇ ਨਾਲ ਇਕ ਵਧੀਕ ਡਾਇਰੈਕਟਰ (ਵਿੱਤ ਤੇ ਲੇਖਾ), ਇਕ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ), 2 ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਅਤੇ 14 ਸੈਕਸ਼ਨ ਅਫ਼ਸਰਾਂ ਸਣੇ ਕੁੱਲ 18 ਆਸਾਮੀਆਂ ਮਨਜ਼ੂਰ ਹੋਈਆਂ ਹਨ।